Hoshairpur

ਵਿਧਾਇਕ ਜਿੰਪਾ ਤੇ ਮੇਅਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 100 ਲਾਭਪਾਤਰੀਆਂ ਨੂੰ ਸੌਂਪੇ ਪ੍ਰਵਾਨਗੀ ਪੱਤਰ

ਹੁਸ਼ਿਆਰਪਰ, 23 ਦਸੰਬਰ ( ਹਰਪਾਲ ਲਾਡਾ ) : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਅਧੀਨ 100 ਯੋਗ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਰਕਾਰ ਦੀ ਇਹ ਵੱਕਾਰੀ ਯੋਜਨਾ ਆਮ ਨਾਗਰਿਕਾਂ ਨੂੰ ਸਥਾਈ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰਨ ਵੱਲ ਇਕ ਮਜ਼ਬੂਤ ਕਦਮ ਹੈ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ 170 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਕੁੱਲ 337 ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਹੁਣ ਤੱਕ 270 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਪ੍ਰਦਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 270 ਲਾਭਪਾਤਰੀਆਂ ਨੂੰ ਇਸ ਯੋਜਨਾ ਤਹਿਤ 6.75 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੀਆਂ ਯੋਗਤਾ ਸ਼ਰਤਾਂ ਪੂਰੀਆਂ ਕਰਨ ਵਾਲਾ ਕੋਈ ਵੀ ਵਿਅਕਤੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਨਗਰ ਨਿਗਮ ਅਤੇ ਸਬੰਧਤ ਵਿਭਾਗਾਂ ਨੂੰ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਬਾਕੀ ਲਾਭਪਾਤਰੀਆਂ ਨੂੰ ਵੀ ਪ੍ਰਵਾਨਗੀ ਪੱਤਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਹਾਊਸਿੰਗ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਲਾਗੂ ਕਰ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲਾਭਪਾਤਰੀਆਂ ਨੂੰ ਉਸਾਰੀ ਕਾਰਜ ਦੌਰਾਨ ਕੋਈ ਮੁਸ਼ਕਿਲ ਨਾ ਆਵੇ ਅਤੇ ਉਨ੍ਹਾਂ ਦੀਆਂ ਕਿਸ਼ਤਾਂ ਸਮੇਂ ਸਿਰ ਅਦਾ ਕੀਤੀਆਂ ਜਾਣ। ਇਸ ਦੌਰਾਨ ਲਾਭਪਾਤਰੀਆਂ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਯੋਜਨਾ ਉਨ੍ਹਾਂ ਦੇ ਸੁਪਨਿਆਂ ਦੇ ਘਰ ਨੂੰ ਸਾਕਾਰ ਕਰਨ ਵਿੱਚ ਇਕ ਮੀਲ ਪੱਥਰ ਸਾਬਤ ਹੋਵੇਗੀ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ ਜਿਓਤੀ ਬਾਲਾ ਮੱਟੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਸਹਾਇਕ ਕਮਿਸ਼ਨਰ ਅਜੈ ਕੁਮਾਰ, ਐਸ.ਈ ਸਤੀਸ਼ ਸੈਣੀ, ਐਮ.ਟੀ.ਪੀ ਲਖਵੀਰ ਸਿੰਘ, ਐਮ.ਆਈ.ਐਸ ਸਪੈਸ਼ਲਿਸਟ ਪੁਨੀਤ ਜੋਸ਼ੀ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਕੌਂਸਲਰ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page