Hoshairpur

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਜ਼ਿਲ੍ਹੇ ਭਰ ਵਿੱਚ ਮਨਾਇਆ ਗਿਆ

ਹੁਸ਼ਿਆਰਪੁਰ, 23 ਦਸੰਬਰ 2025 ( ਹਰਪਾਲ ਲਾਡਾ ): ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਬਲਬੀਰ ਸਿੰਘ ਵੱਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਗਏ ਕੈਂਪਾਂ ਦਾ ਨਿਰੀਖਣ ਕੀਤਾ ਗਿਆ ਅਤੇ ਮੌਜੂਦ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ।

ਜ਼ਿਕਰਯੋਗ ਹੈ ਕਿ ਇਹ ਕੈਂਪ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ (ਛੁੱਟੀ ਹੋਣ ਦੀ ਸੂਰਤ ਵਿੱਚ ਅਗਲੇ ਕਾਰਜਕਾਰੀ ਦਿਨ) ਆਯੋਜਿਤ ਕੀਤੇ ਜਾਂਦੇ ਹਨ। ਇਸ ਦਿਨ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਨੂੰ ਜਣੇਪਾ ਪੂਰਵ ਦੇਖਭਾਲ ਸਬੰਧੀ ਸਾਰੀਆਂ ਜ਼ਰੂਰੀ ਸੇਵਾਵਾਂ, ਜਾਂਚਾਂ ਅਤੇ ਇਲਾਜ ਮੁਫ਼ਤ ਪ੍ਰਦਾਨ ਕੀਤੇ ਜਾਂਦੇ ਹਨ, ਤਾਂ ਜੋ ਮਾਤਾ ਅਤੇ ਬੱਚੇ ਦੀ ਸੁਰੱਖਿਅਤ ਸਿਹਤ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਸਾਰੀਆਂ ਪੀ.ਐਚ.ਸੀਜ਼, ਸੀ.ਐਚ.ਸੀਜ਼, ਸਬ-ਡਿਵਿਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਮਨਾਇਆ ਗਿਆ। ਇਨ੍ਹਾਂ ਕੈਂਪਾਂ ਦੌਰਾਨ ਔਰਤ ਰੋਗਾਂ ਦੇ ਮਾਹਰ, ਮੈਡੀਕਲ ਸਪੈਸ਼ਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਵੱਲੋਂ ਗਰਭਵਤੀ ਔਰਤਾਂ ਨੂੰ ਏ.ਐਨ.ਸੀ. (ਜਣੇਪਾ ਪੂਰਵ ਦੇਖਭਾਲ) ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਦੂਸਰੀ ਅਤੇ ਤੀਸਰੀ ਤਿਮਾਹੀ ਦੀਆਂ ਸਾਰੀਆਂ ਗਰਭਵਤੀ ਔਰਤਾਂ ਦੀ ਘੱਟੋ-ਘੱਟ ਇੱਕ ਜਣੇਪਾ ਪੂਰਵ ਜਾਂਚ ਯਕੀਨੀ ਬਣਾਈ ਜਾਂਦੀ ਹੈ। ਇਸ ਦੇ ਨਾਲ ਹੀ ਔਰਤ ਰੋਗਾਂ ਦੇ ਡਾਕਟਰਾਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਕਿ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਨ ਕਰਕੇ ਉਨ੍ਹਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਦਿਵਸ ਦਾ ਮੁੱਖ ਉਦੇਸ਼ ਹਾਈ ਰਿਸਕ ਗਰਭਵਤੀ ਔਰਤਾਂ ਤੱਕ ਸਮੇਂ ਸਿਰ ਪਹੁੰਚ ਕਰਨਾ ਹੈ।

ਸਿਵਲ ਸਰਜਨ ਨੇ ਕਿਹਾ ਕਿ ਇਸ ਦੌਰਾਨ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਨ ਕਰਕੇ ਉਨ੍ਹਾਂ ਲਈ ਉਚਿਤ ਇਲਾਜ ਸਹੂਲਤਾਂ ਅਤੇ ਸੁਰੱਖਿਅਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ, ਕਿਉਂਕਿ ਇਨ੍ਹਾਂ ਔਰਤਾਂ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ। ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਅਤੇ ਉਚਿਤ ਦੇਖਭਾਲ ਮੁਹੱਈਆ ਕਰਵਾ ਕੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ।

ਇਸ ਮੌਕੇ ਗਰਭਵਤੀ ਔਰਤਾਂ ਨੂੰ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਿਹਤ ਸਹੂਲਤਾਂ, ਪੋਸ਼ਣ, ਨਿਯਮਿਤ ਜਾਂਚਾਂ ਅਤੇ ਸੁਰੱਖਿਅਤ ਡਿਲਿਵਰੀ ਸਬੰਧੀ ਵੀ ਜਾਗਰੂਕ ਕੀਤਾ ਗਿਆ, ਤਾਂ ਜੋ ਮਾਤਾ ਅਤੇ ਨਵਜਨਮੇ ਬੱਚੇ ਦੀ ਸਿਹਤ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button

You cannot copy content of this page