Hoshairpurਪੰਜਾਬ

ਕੇਜਰੀਵਾਲ ਦੀ ਗਰੰਟੀ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ : ਗੁਰਵਿੰਦਰ ਸਿੰਘ ਪਾਬਲਾ

ਹੁਸ਼ਿਆਰਪੁਰ, 11 ਮਾਰਚ: ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਇਮਾਨਦਾਰੀ, ਮਜ਼ਬੂਤ ਇਰਾਦਿਆਂ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ‘ਤੇ ਅਧਾਰਤ ਹੈ ਅਤੇ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ ।

ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ “ਕੇਜਰੀਵਾਲ ਦੀ ਗਰੰਟੀ” ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਜਨਤਾ ਨਾਲ ਕੀਤਾ ਗਿਆ ਵਿਸ਼ਵਾਸ ਦਾ ਵਾਅਦਾ ਹੈ, ਜੋ ਹਰ ਹਾਲਾਤ ਵਿੱਚ ਪੂਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਵੀ ਇਹੀ ਮਾਡਲ ਸਫਲਤਾਪੂਰਵਕ ਅੱਗੇ ਵਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕਰਕੇ ਆਪਣੇ ਇੱਕ ਅਹਿਮ ਚੋਣ ਵਾਅਦੇ ਦੀ ਪੂਰਤੀ ਵੱਲ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ, ਜਦੋਂਕਿ ਅਨੁਸੂਚਿਤ ਜਾਤੀ (ਐਸ ਸੀ) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਮਿਲਣਗੇ, ਜਿਸ ਨਾਲ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਇਹ ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਕਿ ਦੇਸ਼ ਵਿੱਚ ਔਰਤਾਂ ਲਈ ਸਭ ਤੋਂ ਵੱਡੀਆਂ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਰਕਮ ਸਿੱਧੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ, ਜਿਸ ਨਾਲ ਵਿਚੋਲਿਆਂ ਜਾਂ ਭ੍ਰਿਸ਼ਟਾਚਾਰ ਦੀ ਸੰਭਾਵਨਾ ਖਤਮ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਦੇ ਸ਼ੁਭ ਮੌਕੇ ‘ਤੇ ਸ਼ੁਰੂ ਕੀਤੀ ਜਾਵੇਗੀ। ਪੰਜਾਬ ਭਰ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਯੋਗ ਔਰਤ ਇਸ ਯੋਜਨਾ ਵਿੱਚ ਆਸਾਨੀ ਨਾਲ ਸ਼ਾਮਲ ਹੋ ਸਕੇ ਅਤੇ ਇਸ ਦਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ।

ਪਾਬਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਔਰਤਾਂ ਮਜ਼ਬੂਤ ਹਨ, ਤਾਂ ਪਰਿਵਾਰ ਮਜ਼ਬੂਤ ਹੋਣਗੇ ਅਤੇ ਜੇਕਰ ਪਰਿਵਾਰ ਮਜ਼ਬੂਤ ਹਨ ਤਾਂ ਸਮਾਜ ਵੀ ਮਜ਼ਬੂਤ ਹੋਵੇਗਾ। ਇਸ ਫਲਸਫੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਲਗਾਤਾਰ ਔਰਤਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਔਰਤਾਂ ਕਈ ਯੋਜਨਾਵਾਂ ਤੋਂ ਸਿੱਧੇ ਤੌਰ ‘ਤੇ ਲਾਭ ਉਠਾ ਰਹੀਆਂ ਹਨ, ਜਿਨ੍ਹਾਂ ਵਿੱਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਅਤੇ ਘਰਾਂ ਲਈ ਮੁਫ਼ਤ ਬਿਜਲੀ ਸ਼ਾਮਲ ਹੈ। ਇਕੱਠੇ ਮਿਲ ਕੇ ਇਨ੍ਹਾਂ ਫੈਸਲਿਆਂ ਨੇ ਪੰਜਾਬ ਵਿੱਚ ਔਰਤਾਂ ਲਈ ਇੱਕ ਮਜ਼ਬੂਤ ਸਮਾਜਿਕ ਸੁਰੱਖਿਆ ਪ੍ਰਣਾਲੀ ਬਣਾਈ ਹੈ।

ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਰਾਜਨੀਤੀ ਤੋਂ ਹਟ ਕੇ ਵਿਕਾਸ ਅਤੇ ਲੋਕ ਹਿੱਤ ਵਿੱਚ ਫ਼ੈਸਲਿਆਂ ਨੂੰ ਲਾਗੂ ਕਰਨ ਵਾਲੀ ਰਾਜਨੀਤੀ ਨੂੰ ਅਮਲੀ ਰੂਪ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਸਰਕਾਰ ਇਮਾਨਦਾਰ ਹੁੰਦੀ ਹੈ, ਤਾਂ ਜਨਤਕ ਫੰਡ ਭ੍ਰਿਸ਼ਟਾਚਾਰ ਵਿੱਚ ਨਹੀਂ ਜਾਂਦੇ, ਅਤੇ ਇਹ ਪੈਸਾ ਵੱਡੇ ਜਨਤਕ ਭਲਾਈ ਪ੍ਰੋਜੈਕਟਾਂ ਨੂੰ ਸੰਭਵ ਬਣਾਉਂਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਇੱਕੋ ਸਮੇਂ ਕਈ ਵੱਡੇ ਬਦਲਾਅ ਦੇਖ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਹਸਪਤਾਲਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਅਤੇ ਹੁਣ ਔਰਤਾਂ ਨੂੰ ਆਰਥਿਕ ਸਨਮਾਨ ਪ੍ਰਦਾਨ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ।

ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਅੱਜ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕੇਜਰੀਵਾਲ ਦੀ ਗਰੰਟੀ ਭਰੋਸੇ ਦੀ ਰਾਜਨੀਤੀ ਹੈ, ਜਿੱਥੇ ਵਾਅਦੇ ਪੂਰੇ ਹੁੰਦੇ ਹਨ ਅਤੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਇਮਾਨਦਾਰੀ ਨਾਲ ਇਸ ਵਿਚਾਰਧਾਰਾ ਨੂੰ ਅੱਗੇ ਵਧਾ ਰਹੇ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਲੋਕ ਸਭਾ ਇੰਚਾਰਜ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮਹਿਲਾ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮਨਜੋਤ ਕੌਰ, ਮਹਿਲਾ ਵਿੰਗ ਦੀ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਕੌਰ ਸੈਣੀ, ਜ਼ਿਲ੍ਹਾ ਸਕੱਤਰ ਕੰਚਨ ਦਿਓਲ ਅਤੇ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਹੁੰਦਲ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page