ਸਿਹਤ ਕੇਂਦਰਾਂ ’ਚ ਸਰਵਾਈਕਲ ਕੈਂਸਰ ਟੀਕਾਕਰਨ ਦੀ ਮੁਫ਼ਤ ਸਹੂਲਤ : ਸਿਵਲ ਸਰਜਨ


ਲੁਧਿਆਣਾ, 18 ਮਈ: ਸਿਵਲ ਸਰਜਨ ਲੁਧਿਆਣਾ ਡਾ.ਰਮਨਦੀਪ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਕੇਂਦਰਾਂ ਵਿੱਚ ਸਰਵਾਈਕਲ ਕੈਂਸਰ ਟੀਕਾਕਰਨ ਦੀ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਕਿਸ਼ੋਰੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਸਿਵਲ ਸਰਜਨ ਡਾ.ਰਮਨਦੀਪ ਕੌਰ ਦੀ ਅਗਵਾਈ ਹੇਠ ਚੱਲ ਰਹੀ ਹਿਊਮਨ ਪੈਪੀਲੋਮਾ ਵਾਇਰਸ (ਐਚ ਪੀ ਵੀ ) ਟੀਕਾਕਰਨ ਅਭਿਆਨ ਤਹਿਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੈਂਪ ਲਗਾਕੇ ਮੁਫ਼ਤ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ ਜਿਸ ਤੋਂ ਸਮੇਂ ਸਿਰ ਟੀਕਾਕਰਨ ਅਤੇ ਜਾਗਰੂਕਤਾ ਰਾਹੀਂ ਕਾਫ਼ੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਚ ਪੀ ਵੀ ਟੀਕਾ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ।ਇਸ ਲਈ ਮਾਪਿਆਂ ਨੂੰ ਅੱਗੇ ਆ ਕੇ ਆਪਣੀਆਂ 14 ਤੋਂ 15 ਸਾਲ ਦੀ ਉਮਰ ਦੀਆਂ ਧੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਚ ਪੀ ਵੀ ਟੀਕਾ ਉਪਲੱਬਧ ਹੈ। ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਜਾਣਕਾਰੀ ਦੇਣ ਲਈ ਮਾਸ ਮੀਡੀਆ ਵਿੰਗ ਵੱਲੋਂ ਜਿੱਥੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਨਾਲ ਹੀ ਇਸ ਸਬੰਧੀ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵੀ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ।

ਇਸ ਸਬੰਧੀ ਅੱਜ ਜ਼ਿਲ੍ਹਾ ਬੀ ਸੀ ਸੀ ਕੋ-ਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਹਾਈ ਸਕੂਲ ਪਿੰਡ ਫੁੱਲਾਂਵਾਲ ਵਿਖੇ ਅਧਿਆਪਕਾਂ ਅਤੇ ਸਟਾਫ ਨੂੰ ਐਚ ਪੀ ਵੀ ਟੀਕਾਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਗਈ।




