Hoshairpur

ਸਿੱਟ (SIT) ਦੀ ਕਾਰਵਾਈ ਆਮ ਆਦਮੀ ਪਾਰਟੀ ਦੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ, ਸ਼੍ਰੋਮਣੀ ਅਕਾਲੀ ਦਲ ਦੇਵੇਗਾ ਢੁਕਵਾਂ ਜਵਾਬ: ਸੰਜੀਵ ਤਲਵਾੜ

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਵਰਕਰਾਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ।

ਸੰਜੀਵ ਤਲਵਾੜ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਿੱਟ (SIT) ਵੱਲੋਂ ਜਾਰੀ ਕੀਤਾ ਗਿਆ ਸੰਮਨ ਅਜੇ ਉਨ੍ਹਾਂ ਤੱਕ ਪਹੁੰਚਿਆ ਵੀ ਨਹੀਂ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਦੀ ਕਾਪੀ ਆਮ ਆਦਮੀ ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜਾਂ ‘ਤੇ ਪੋਸਟ ਕਰ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਨਾਲ ਸਿੱਟ ਦੀ ਨਿਰਪੱਖਤਾ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ ਅਤੇ ਇਹ ਕਾਰਵਾਈ ਸਿਆਸੀ ਮਕਸਦਾਂ ਤੋਂ ਪ੍ਰੇਰਿਤ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਿਆਸੀ ਬਦਲਾਖੋਰੀ ਦਾ ਲੋਕਤਾਂਤਰਿਕ ਢੰਗ ਨਾਲ ਢੁਕਵਾਂ ਜਵਾਬ ਦੇਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਵੱਖ-ਵੱਖ ਸਰਕਾਰਾਂ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸਿਆਸਤ ਕਰਦੀਆਂ ਆ ਰਹੀਆਂ ਹਨ, ਪਰ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰਾਂ ਨੂੰ ਡਰ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਵਿਕਲਪ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਬਣ ਸਕਦਾ ਹੈ, ਜਿਸ ਕਾਰਨ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਬਣੀਆਂ ਸਾਰੀਆਂ ਜਾਂਚ ਟੀਮਾਂ (SITs) ਨੂੰ ਪੂਰਾ ਸਹਿਯੋਗ ਦਿੱਤਾ ਹੈ ਅਤੇ ਇਸ ਵਾਰ ਵੀ ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ। ਪਰ ਉਨ੍ਹਾਂ ਕਿਹਾ ਕਿ ਸੰਮਨ ਦੀ ਕਾਪੀ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਜਨਤਕ ਕਰਨਾ ਗੰਦੀ ਸਿਆਸਤ ਦਾ ਹਿੱਸਾ ਹੈ।

ਉਨ੍ਹਾਂ ਐਲਾਨ ਕੀਤਾ ਕਿ 20 ਜੁਲਾਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਪੇਸ਼ੀ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰ ਮੌਜੂਦ ਰਹਿਣਗੇ ਅਤੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਵੀ ਸੈਂਕੜੇ ਵਰਕਰ ਇਸ ਮੌਕੇ ‘ਤੇ ਸ਼ਮੂਲੀਅਤ ਕਰਨਗੇ।

ਤਲਵਾੜ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਹੀ ਤਾਣਾਸ਼ਾਹੀ ਦਾ ਅੰਤ ਲੋਕਤੰਤਰਿਕ ਤਰੀਕੇ ਨਾਲ ਜਲਦ ਹੋਵੇਗਾ ਅਤੇ ਲੋਕ ਇਸ ਦਾ ਜਵਾਬ ਦੇਣਗੇ।

ਬੈਠਕ ਨੂੰ ਸਰਦਾਰ ਪ੍ਰੇਮ ਸਿੰਘ (ਜ਼ਿਲ੍ਹਾ ਪ੍ਰਧਾਨ, ਅਨੁਸੂਚਿਤ ਜਾਤੀ ਮੋਰਚਾ), ਬਿਕਰਮਜੀਤ ਸਿੰਘ ਕਲਸੀ, ਸੰਤੋਖ ਸਿੰਘ ਔਜਲਾ (ਜ਼ਿਲ੍ਹਾ ਪ੍ਰਧਾਨ, ਵਪਾਰ ਸੈੱਲ), ਨਰਿੰਦਰ ਸਿੰਘ ਅਤੇ ਸੰਜੀਵ ਥਾਪਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਵੀਰ ਸਿੰਘ,ਬਲਦੇਵ ਸਿੰਘ, ਦਵਿੰਦਰ ਸਿੰਘ, ਵਿਸ਼ਾਲ, ਅਨਮੋਲ, ਜੋਧ ਸਿੰਘ, ਰਿਸ਼ਵ ਮੱਟੂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page