ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਇਕੱਠ ‘ਤੇ ਪਾਬੰਦੀ ਦੇ ਹੁਕਮ


ਹੁਸ਼ਿਆਰਪੁਰ, 28 ਜੁਲਾਈ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁ ਆਸ਼ਿਕਾ ਜੈਨ ਨੇ ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (ਸੀ.ਬੀ.ਐੱਸ.ਈ.), ਨਵੀਂ ਦਿੱਲੀ ਵੱਲੋਂ 28 ਜੁਲਾਈ 2026 ਨੂੰ ਕਰਵਾਈ ਜਾ ਰਹੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਨੂੰ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਕਰਵਾਉਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀ.ਬੀ.ਐੱਸ.ਈ. ਦੀ ਪ੍ਰੀਖਿਆ ਸਵੇਰੇ 10:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜਪੁਰ (ਟਾਂਡਾ) ਅਤੇ ਦੁਆਬਾ ਪਬਲਿਕ ਸਕੂਲ, ਢੋਲਰੋਂ ਵਿਖੇ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਦੌਰਾਨ ਕੇਂਦਰਾਂ ਦੇ ਆਲੇ-ਦੁਆਲੇ ਗੈਰ-ਲੋੜੀਂਦੇ ਵਿਅਕਤੀਆਂ ਦੇ ਇਕੱਠ ਹੋਣ ਕਾਰਨ ਕਾਨੂੰਨ-ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧ ਪ੍ਰਭਾਵਿਤ ਹੋ ਸਕਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆਵਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ, ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠ ਹੋਣ ‘ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 28 ਜੁਲਾਈ 2026 ਨੂੰ ਪ੍ਰੀਖਿਆ ਸਮੇਂ ਦੌਰਾਨ ਲਾਗੂ ਰਹੇਗਾ। ਹਾਲਾਂਕਿ, ਇਹ ਪਾਬੰਦੀ ਪ੍ਰੀਖਿਆ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਬਲ ਅਤੇ ਪ੍ਰੀਖਿਆ ਨਾਲ ਸਬੰਧਤ ਹੋਰ ਅਧਿਕਾਰਤ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ।




