Hoshairpur

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਹੁਸ਼ਿਆਰਪੁਰ, 14 ਸਤੰਬਰ ( ਹਰਪਾਲ ਲਾਡਾ ): ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸੰਬੰਧਤ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।

ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਪ੍ਰਮੁੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਰਿਪੋਰਟ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ‘ਤੇ ਕੋਈ ਸਮਝੌਤਾ ਨਾ ਹੋਵੇ ਅਤੇ ਸਾਰੇ ਪ੍ਰੋਜੈਕਟਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਂਦੀ ਜਾਵੇ।

ਡਾ. ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤੇ ਜਾਣੇ ਲਾਜ਼ਮੀ ਹਨ। ਇਸ ਮਕਸਦ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਅਤੇ ਮਜ਼ਬੂਤ ਰਣਨੀਤੀ ਨੂੰ ਯਕੀਨੀ ਬਣਾਉਣ। ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਤਾਕੀਦ ਕੀਤੀ ਕਿ ਅਧਿਕਾਰੀ ਸਿਰਫ਼ ਆਪਣੇ ਦਫ਼ਤਰਾਂ ਤੱਕ ਸੀਮਤ ਨਾ ਰਹਿਣ, ਸਗੋਂ ਖ਼ੁਦ ਜ਼ਮੀਨੀ ਪੱਧਰ ‘ਤੇ ਜਾ ਕੇ ਪ੍ਰੋਜੈਕਟਾਂ ਦੀ ਨਿਰੰਤਰ ਨਿਗਰਾਨੀ ਕਰਨ ਤਾਂ ਜੋ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ, ਢਿੱਲ-ਮੱਠ ਜਾਂ ਦੇਰੀ ਨਾ ਹੋਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਅਤੇ ਹਰ ਖੇਤਰ ਦਾ ਬਿਨਾਂ ਕਿਸੇ ਵਿਤਕਰੇ ਦੇ ਸਰਵਪੱਖੀ ਵਿਕਾਸ ਕਰਨਾ ਹੈ। ਰਾਜ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾਂ, ਸੜਕੀ ਸੰਪਰਕ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਪ੍ਰਣਾਲੀ, ਖੇਡਾਂ, ਰੁਜ਼ਗਾਰ ਦੇ ਮੌਕਿਆਂ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਲਗਾਤਾਰ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਦੀਆਂ ਸੜਕਾਂ, ਗਲੀਆਂ, ਨਾਲੀਆਂ, ਸੀਵਰੇਜ ਪ੍ਰਣਾਲੀ ਅਤੇ ਸਮੁੱਚੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਪੱਧਰ ਉੱਚਾ ਚੁੱਕਣ, ਵਿਦਿਆਰਥੀਆਂ ਨੂੰ ਵਧੀਆ ਅਤੇ ਮਿਆਰੀ ਪੜ੍ਹਾਈ ਦਾ ਮਾਹੌਲ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਡਾ. ਰਵਜੋਤ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਜਾਂ ਖ਼ੱਜਲ-ਖ਼ੁਆਰੀ ਦੇ ਪਹੁੰਚਾਉਣਾ ਅਧਿਕਾਰੀਆਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਅਣਗਹਿਲੀ ਜਾਂ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ. ਐਸ.ਪੀ. ਸੰਦੀਪ ਕੁਮਾਰ ਮਲਿਕ, ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page