

ਫਗਵਾੜਾ, 4 ਨਵੰਬਰ ( ਹਰਪਾਲ ਲਾਡਾ ): ਪੰਜਾਬ ਸਰਕਾਰ ਵੱਲੋਂ ਆਪਣੀਆਂ ਮਹਿਲਾ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ‘ਤੇ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਯਤਨਾਂ ਦੀ ਕਦਰ ਕਰਦਿਆਂ, ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਫਗਵਾੜਾ ਦੀਆਂ 162 ਆਂਗਣਵਾੜੀ ਵਰਕਰਾਂ ਨੂੰ 13.57 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।

ਬੁੱਧਵਾਰ ਨੂੰ ਫਗਵਾੜਾ ਵਿਖੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਯੋਗ ਔਰਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਫਾਰਮ ਯੋਜਨਾ ਤਹਿਤ ਅਪਲੋਡ ਕਰਨ ਲਈ ਆਂਗਣਵਾੜੀ ਵਰਕਰਾਂ ਵੱਲੋਂ ਕੀਤੇ ਗਏ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਔਰਤਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦਾ ਅਹਿਮ ਯੋਗਦਾਨ ਰਿਹਾ ਹੈ।

ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੁਆਰਾ ਕਰਵਾਈ ਗਈ ਹਰ ਰਜਿਸਟ੍ਰੇਸ਼ਨ ਲਈ 25 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਫਗਵਾੜਾ ਦੀਆਂ 162 ਆਂਗਣਵਾੜੀ ਵਰਕਰਾਂ ਨੂੰ ਕੁੱਲ 13.57 ਲੱਖ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।

ਇਸ ਯੋਜਨਾ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਫਗਵਾੜਾ ਵਿੱਚ 70 ਹਜ਼ਾਰ ਤੋਂ ਵੱਧ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਦਕਿ ਪੰਜਾਬ ਭਰ ਵਿੱਚ ਰਜਿਸਟ੍ਰੇਸ਼ਨਾਂ ਦੀ ਗਿਣਤੀ 80 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ। ਸੂਬਾ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਇੱਕ ਕਰੋੜ ਔਰਤਾਂ ਨੂੰ ਕਵਰ ਕਰਨ ਦਾ ਟੀਚਾ ਹਾਸਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਭਲਾਈ, ਸਮਾਜਿਕ ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ, ਜਿਸ ਦਾ ਉਦੇਸ਼ ਔਰਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਹੈ।

ਡਾ. ਚੱਬੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸਿੱਧਾ ਯੋਗ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਅਹਿਮ ਕੜੀ ਦੱਸਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਸਦਕਾ ਫਗਵਾੜਾ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਔਰਤਾਂ ਨੂੰ ਇਸ ਯੋਜਨਾ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਵੱਡੀ ਮਦਦ ਮਿਲੀ ਹੈ।



