29 ਨਵੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਸੂਬਾ ਪੱਧਰੀ ਸਮਾਪਤੀ ਸਮਾਗਮ: ਆਸ਼ਿਕਾ ਜੈਨ


ਹੁਸ਼ਿਆਰਪੁਰ, 27 ਨਵੰਬਰ ( ਹਰਪਾਲ ਲਾਡਾ ): ਖੇਡਾਂ ਪ੍ਰਤੀ ਉਤਸ਼ਾਹ, ਖਿਡਾਰੀਆਂ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੀ ਖੇਡ ਭਾਵਨਾ ਦੇ ਜਸ਼ਨ ‘ਖੇਡਾਂ ਵਤਨ ਪੰਜਾਬ ਦੀਆਂ’ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਗਮ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ, ਜਦਕਿ ਪ੍ਰਸਿੱਧ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਰੰਗ ਬੰਨ੍ਹਣਗੇ।

ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲਾਜਵੰਤੀ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸੂਬਾ ਪੱਧਰੀ ਸਮਾਰੋਹ ਹੁਸ਼ਿਆਰਪੁਰ ਲਈ ਇੱਕ ਮਹੱਤਵਪੂਰਨ ਸਮਾਗਮ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਲਈ ਸਮਾਗਮ ਨਾਲ ਸਬੰਧਤ ਹਰੇਕ ਪ੍ਰਬੰਧ ਨੂੰ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਯਕੀਨੀ ਬਣਾਇਆ ਜਾਵੇ, ਤਾਂ ਜੋ ਸਮਾਰੋਹ ਵਿੱਚ ਪਹੁੰਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਦੇ ਸੁਚਾਰੂ ਪ੍ਰਬੰਧਨ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਮੈਡੀਕਲ ਟੀਮਾਂ ਦੀ ਤਾਇਨਾਤੀ, ਸੱਭਿਆਚਾਰਕ ਪ੍ਰੋਗਰਾਮਾਂ ਦੇ ਪ੍ਰਬੰਧ ਅਤੇ ਸਟੇਡੀਅਮ ਵਿੱਚ ਆਉਣ-ਜਾਣ ਲਈ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੀ ਸਹੂਲਤ ਸਮਾਗਮ ਦੀਆਂ ਤਿਆਰੀਆਂ ਦਾ ਅਹਿਮ ਹਿੱਸਾ ਹੈ। ਸਾਰੇ ਵਿਭਾਗ ਆਪਣੀਆਂ ਨਿਰਧਾਰਤ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਕਿਸੇ ਵੀ ਪੱਧਰ ’ਤੇ ਆਪਸੀ ਤਾਲਮੇਲ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਸਾਰੇ ਇੰਤਜ਼ਾਮ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ।

ਮੀਟਿੰਗ ਵਿੱਚ ਏਡੀਸੀ (ਜ) ਮੇਜਰ ਡਾ. ਸੁਮਿਤ ਮੁੱਧ, ਏਡੀਸੀ (ਵਿਕਾਸ) ਅਮਰਜੀਤ ਬੈਂਸ, ਐਸ.ਪੀ. ਸੰਦੀਪ ਸਿੰਘ, ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



