ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਹੋਏ ‘ਆਪ’ ਵਿੱਚ ਸ਼ਾਮਲ
ਹੁਸ਼ਿਆਰਪੁਰ, 13 ਮਈ: ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਦਿ ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ ਅੱਜ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਜ਼ਿੰਪਾ ਅਤੇ ਸੂਬਾ ਇੰਚਾਰਜ ਜਰਨੈਲ ਸਿੰਘ ਨੇ ਰੰਜੀਤਾ ਚੌਧਰੀ ਅਤੇ ਵਿਕਰਮ ਸ਼ਰਮਾ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਕੈਬਨਿਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਦੋਵਾਂ ਆਗੂਆਂ ਦਾ ਸ਼ਹਿਰ ਵਿੱਚ ਚੰਗਾ ਜਨਾਧਾਰ ਹੈ ਅਤੇ ਇਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦਾ ਕੇਡਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਤਾਂ ਜੋ ਉਹ ਪਾਰਟੀ ਦੀ ਹੋਰ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰ ਸਕਣ। ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਵਿਕਰਮ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਾਫ ਸੁਥਰੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਭਲਾਈ ਤੇ ਵਿਕਾਸ ਸਬੰਧੀ ਲਏ ਗਏ ਫੈਸਲਿਆਂ ਕਾਰਨ ਹੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਕੋਸ਼ਿਸ਼ ਕਰਨਗੇ ਤਾਂ ਜੋ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।