ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇਕ ਆਜ਼ਾਦ ਉਮੀਦਵਾਰ ਨੇ ਕਾਗਜ਼ ਕੀਤੇ ਦਾਖ਼ਲ

ਹੁਸ਼ਿਆਰਪੁਰ, 9 ਮਈ : ਆਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਦਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਬਸੰਤ ਵਿਹਾਰ, ਹੁਸ਼ਿਆਰਪੁਰ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 2 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ 11 ਅਤੇ 12 ਮਈ ਨੂੰ ਛੁੱਟੀ ਵਾਲੇ ਦਿਨਾਂ ਤੋਂ ਇਲਾਵਾ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ 10 ਮਈ ਨੂੰ ਵੀ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ, ਕਿਉਂਕਿ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।


ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।
