ਵੋਟਾਂ ਪਾਉਣ ਲਈ ਕੁੱਲ 1963 ਪੋਲਿੰਗ ਬੂਥਾਂ ’ਤੇ ਸਾਰੀਆਂ ਤਿਆਰੀਆਂ ਮੁਕੰਮਲ : ਕੋਮਲ ਮਿੱਤਲ
ਹੁਸ਼ਿਆਰਪੁਰ, 30 ਮਈ : 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਰਾਂ ਦੇ ਵੋਟ ਪਾਉਣ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਚ ਕੁੱਲ 1963 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਪੋਲਿੰਗ ਬੂਥਾਂ ’ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਹੁਸ਼ਿਆਰਪੁਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਵੋਟ ਪਾਉਣ ਲਈ ਪੋਲਿੰਗ ਬੂਥਾਂ ’ਤੇ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਉਪਲਬੱਧ ਹਨ। ਉਨ੍ਹਾ ਦੱਸਿਆ ਕਿ ਪੋਲਿੰਗ ਬੂਥਾ ’ਤੇ ਪੀਣ ਵਾਲੇ ਪਾਣੀ, ਛਾਂ, ਪਖਾਨਿਆਂ, ਵ੍ਹੀਲਚੇਅਰਾਂ, ਮੈਡੀਕਲ ਕਿੱਟਾਂ, ਬੈਠਣ ਲਈ ਕੁਰਸੀਆਂ ਆਦਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ’ਤੇ ਸੁਰੱਖਿਆ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕੋਈ ਵੀ ਵੋਟਰ ਬਿਨ੍ਹਾਂ ਕਿਸੇ ਡਰ-ਭੈਅ ਤੋਂ ਆਪਣੀ ਵੋਟ ਪਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਕੁੱਲ 1601826 ਵੋਟਰ ਹਨ, ਜਿਨ੍ਹਾਂ ਵਿਚੋਂ 830840 ਪੁਰਸ਼, 770942 ਮਹਿਲਾ ਅਤੇ 44 ਤੀਜੇ ਲਿੰਗ ਨਾਲ ਸਬੰਧਤ ਵੋਟਰ ਹਨ। ਹਰੇਕ ਵੋਟਰ ਵੱਲੋਂ ਉਸ ਦੇ ਵੋਟ ਦੇ ਹੱਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੁੱਲ 1963 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ 181614 ਵੋਟਰ, ਭੁਲੱਥ ਵਿਚ 134807, ਫਗਵਾੜਾ ਵਿਚ 194486, ਮੁਕੇਰੀਆਂ ਵਿਚ 202913, ਦਸੂਹਾ ਵਿਚ 192780, ਉੜਮੁੜ ਵਿਚ 172965, ਸ਼ਾਮ ਚੁਰਾਸੀ ਵਿਚ 174770, ਹੁਸ਼ਿਆਰਪੁਰ ਵਿਚ 187941 ਅਤੇ ਚੱਬੇਵਾਲ ਵਿਚ 159550 ਵੋਟਰ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਉਤਸ਼ਹਿਤ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਵਿਚ ਮਾਡਲ ਪੋਲਿੰਗ ਸਟੇਸ਼ਨ, ਗ੍ਰੀਨ/ਈਕੋ ਫਰੈਂਡਲੀ ਪੋਲਿੰਗ ਸਟੇਸ਼ਨ, ਦਿਵਿਆਂਗਜਨ (ਪੀ.ਡਬਲਿਊ. ਡੀ) ਪੋਲਿੰਗ ਸਟੇਸ਼ਨ, ਨੌਜਵਾਨ ਪੋਲਿੰਗ ਸਟੇਸ਼ਨ ਅਤੇ ਮਹਿਲਾ ਪੋਲਿੰਗ ਸਟੇਸ਼ਨ ਵੀ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੁਣ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਵੋਟਰ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰ ਵਿਚ ਖੜ੍ਹੇ ਹਨ। ਇਸ ਲਈ ‘ਵੋਟਰ ਕਿਊ ਇਨਫਾਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਇਸ ਦੀ ਵਰਤੋਂ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ ਤੇ ਅੱਗੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਵੋਟਰਾ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਸਵੇਰ ਦੇ ਸਮੇਂ ਨੂੰ ਤਰਜੀਹ ਦੇਣ ਤੇ ਆਪਣੀ ਵੋਟ ਜ਼ਰੂਰ ਪਾਉਣ।
ਉਨ੍ਹਾਂ ਦੱਸਿਆ ਕਿ ਵੋਟ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।
ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਸਾਡਾ ਸੰਵਿਧਾਨਕ ਹੱਕ ਹੈ ਅਤੇ ਇਸ ਦਾ ਇਸਤੇਮਾਲ ਕਰਨ ਤੋਂ ਅਵੇਸਲਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੋÇਲੰਗ ਸਟੇਸ਼ਨਾਂ ’ਤੇ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।