ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ’ਚ ਗਲੀ ਨਿਰਮਾਣ ਕਾਰਜ਼ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 18 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ਵਿਖੇ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਰਡ ਦੀ ਹਰ ਛੋਟੀ ਤੋਂ ਵੱਡੀ ਮੁਸ਼ਕਿਲ ਨੂੰ ਗੰਭੀਰਤਾ ਨਾਲ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸ ਕਾਰਜ਼ ਇਸ ਵਾਰਡ ਵਿਚ ਕਰਵਾਏ ਜਾਣਗੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਗਲੀ ਨਿਰਮਾਣ ਦੇ ਕਾਰਜ਼ ਦੌਰਾਨ ਇਸ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਸਖਤ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ੇਸ਼ ਕਰਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਲੀ ਨਿਰਮਾਣ ਦੀ ਗੁਣਵੱਤਾ ਵਿਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਾ ਹੋਵੇ ਅਤੇ ਨਿਸ਼ਚਿਤ ਸਮੇਂ ਅੰਦਰ ਕੰਮ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹਲਕੇ ਦੇ ਨਿਵਾਸੀਆਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਬਿਹਤਰ ਹੋ ਸਕੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਸ਼ਹਿਰ ਦੇ ਹਰ ਖੇਤਰ ਵਿਚ ਵੀ ਇਸੇ ਤਰ੍ਹਾਂ ਦੇ ਵਿਕਾਸ ਕਾਰਜ਼ਾਂ ਨੂੰ ਪਹਿਲ ਦੇਵੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ, ਵਾਰਡ ਪ੍ਰਧਾਨ ਸਵਿਤਾ ਸ਼ਰਮਾ, ਸ਼ਸ਼ੀ ਬਾਲਾ, ਗੀਤਾ ਰਾਣੀ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸਥਾਨਿਕ ਨਾਗਰਿਕ ਮੌਜੂਦ ਸਨ।