‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਹੁਸ਼ਿਆਰਪੁਰ ‘ਚ ਸਵੱਛਤਾ ਪ੍ਰੋਗਰਾਮ ਕਰਵਾਇਆ ਗਿਆ
ਹੁਸ਼ਿਆਰਪੁਰ, 27 ਸਤੰਬਰ: ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ: ਅਮਨਦੀਪ ਕੌਰ ਨੇ ਜਾਣਕਾਰੀ ਦੱਸਿਆ ਕਿ ਸਰਕਾਰ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ 14 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਵੱਖ-ਵੱਖ ਸਫ਼ਾਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ 23 ਸਤੰਬਰ 2024 ਤੋਂ 27 ਸਤੰਬਰ 2024 ਤੱਕ ਸ਼ਹਿਰ ਵਿੱਚ ਵਿਆਪਕ ਸਫ਼ਾਈ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਦੌਰਾਨ ਨਗਰ ਨਿਗਮ ਵੱਲੋਂ ਬਣਾਏ ਗਏ ਜਨਤਕ ਪਖਾਨਿਆਂ, ਐਮ.ਆਰ.ਐਫ. (ਧੋਬੀਘਾਟ ਅਤੇ ਫਾਇਰ ਬ੍ਰਿਗੇਡ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ, ਅਤੇ ਸਰਕਾਰੀ ਹਸਪਤਾਲ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਦੁਸਹਿਰਾ ਗਰਾਊਂਡ ਵਿਖੇ ਸਫ਼ਾਈ ਕਰਮਚਾਰੀਆਂ ਵੱਲੋਂ ਪਲਾਸਟਿਕ ਪਿੰਕਿੰਗ ਡਰਾਈਵ (ਸ਼੍ਰਮਦਾਨ) ਅਤੇ ਕਾਜ਼ਵੇਅ ਸਫ਼ਾਈ ਮੁਹਿੰਮ ਵੀ ਚਲਾਈ ਗਈ।
ਕਮਿਸ਼ਨਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁਸ਼ਿਆਰਪੁਰ ਨੂੰ ਸਾਫ਼ ਸੁਥਰਾ ਅਤੇ ਪਲਾਸਟਿਕ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰੇ ਅਤੇ ਵਿਕਰੇਤਾਵਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਵੇਚਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ ਹਨ, ਤਾਂ ਜੋ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਅਤੇ ਸਾਫ਼ ਸੁਥਰਾ ਬਣਾਇਆ ਜਾ ਸਕੇ।
ਇਸ ਮੌਕੇ ਨਗਰ ਨਿਗਮ ਦੇ ਸਮੂਹ ਸੈਨੇਟਰੀ ਇੰਸਪੈਕਟਰ, ਸਮੂਹ ਕਮਿਊਨਿਟੀ ਫੈਸੀਲੀਟੇਟਰ, ਸਬੰਧਤ ਸੁਪਰਵਾਈਜ਼ਰ ਅਤੇ ਨਿਗਮ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।