ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
ਟਾਂਡਾ/ਹੁਸ਼ਿਆਰਪੁਰ, 02 ਅਕਤੂਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਵੱਲੋਂ ਅੱਜ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿੱਚ ਬੈਂਸ ਅਵਾਨ, ਪੁਲ ਪੁਖਤਾ, ਦੁਬੁਰਜੀ, ਮਿਆਣੀ, ਤੱਲਾ, ਮਦਾ, ਗਿਲਜੀਆਂ, ਕਮਾਲਪੁਰ, ਅਲਾਵਲ ਈਸਾ ਅਤੇ ਬੱਲਰਾ ਸ਼ਾਮਲ ਸਨ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ. ਦਵਿੰਦਰ ਸਿੰਘ ਵੀ ਹਾਜ਼ਰ ਸਨ।
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਨਾਲ ਹੀ ਜ਼ਮੀਨ ਵਿਚ ਮੌਜੂਦ ਸੂਖਮ ਜੀਵ ਨਾਸ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਰਵਰਕ ਸ਼ਕਤੀ ਘੱਟ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਦਿੱਤਾ ਜਾਵੇ, ਤਾਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਉਹ ਬੇਲਰ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਸਕਦੇ ਹਨ।
ਇਸ ਦੌਰਾਨ ਪੂਸਵ ਬਾਇਓ ਫਿਊਲ ਦੇ ਸੇਵਕ ਸ਼ਰਮਾ ਅਤੇ ਰਾਣਾ ਇੰਟਰਪ੍ਰਾਈਜ਼ ਹੁਸ਼ਿਆਰਪੁਰ ਦੇ ਗੁਰਪ੍ਰੀਤ ਅਟਵਾਲ ਨੂੰ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਰਾਬਤਾ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਹੈ।
ਐਸ.ਡੀ.ਐਮ. ਟਾਂਡਾ ਪੰਕਜ ਕੁਮਾਰ ਨੇ ਬਲਾਕ ਟਾਂਡਾ ਵਿੱਚ ਅੱਗ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਕਿਸਾਨਾਂ ਤੱਕ ਮਸ਼ੀਨਰੀ ਪੁਹੰਚਾਉਣ ਦੇ ਯਤਨ ਕਰਨ।
ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ. ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਮਸ਼ੀਨਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਰਾਲੀ ਸਾੜਨ ਤੋਂ ਬਚਣ ਦੀ ਅਪੀਲ ਕੀਤੀ।
ਅਖੀਰ ਵਿੱਚ ਖੇਤੀਬਾੜੀ ਅਧਿਕਾਰੀ ਟਾਂਡਾ ਡਾ. ਯਸ਼ਪਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਐਸ.ਪੀ. ਸਰਬਜੀਤ ਬਾਹੀਆਂ, ਡੀ.ਐਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ, ਖੇਤੀਬਾੜੀ ਵਿਕਾਸ ਅਧਿਕਾਰੀ ਡਾ. ਲਵਜੀਤ ਸਿੰਘ, ਐਸ.ਐਚ.ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ, ਟਾਂਡਾ ਖੇਤੀਬਾੜੀ ਵਿਭਾਗ ਦੀ ਟੀਮ, ਸਤਿੰਦਰ ਸਿੰਘ, ਸਕੱਤਰੀ ਮਨਿੰਦਰ ਸਿੰਘ ਮਿਆਣੀ ਅਤੇ ਹੋਰ ਕਿਸਾਨ ਮੌਜੂਦ ਸਨ।
—