ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਹੁਸ਼ਿਆਰਪੁਰ, 10 ਅਕਤੂਬਰ: 9 ਅਤੇ 10 ਅਕਤੂਬਰ ਨੂੰ ਨਗਰ ਨਿਗਮ ਹੁਸ਼ਿਆਰਪੁਰ ਨੇ ਸਵੱਛ ਭਾਰਤ ਮਿਸ਼ਨ ਤਹਿਤ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ’ ਦਾ ਆਯੋਜਨ ਕੀਤਾ । ਕਮਿਸ਼ਨਰ ਨਗਰ ਨਿਗਮ ਡਾ: ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਵਿਚ ਨਗਰ ਨਿਗਮ ਦੀ ਸੈਨੀਟੇਸ਼ਨ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਸਫ਼ਾਈ ਮੁਹਿੰਮ ਚਲਾਈ ਗਈ । ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਠੋਸ ਕੂੜਾ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਪ੍ਰੇਰਿਤ ਕਰਨਾ ਸੀ।
ਪ੍ਰੋਗਰਾਮ ਤਹਿਤ ਨਗਰ ਨਿਗਮ ਦੀਆਂ ਕਮਿਊਨਿਟੀ ਫੈਸੀਲੀਟੇਟਰਾਂ ਜੋਤੀ ਕਾਲੀਆ, ਜਸਵਿੰਦਰ ਕੌਰ ਅਤੇ ਮੀਨਾ ਕੁਮਾਰੀ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਸਾਲਿਡ ਵੇਸਟ ਮੈਨੇਜਮੈਂਟ ਬਾਰੇ ਸੈਮੀਨਾਰ ਕਰਵਾਏ। ਇਨ੍ਹਾਂ ਸੈਮੀਨਾਰਾਂ ਵਿੱਚ ਵਿਦਿਆਰਥੀਆਂ ਨੂੰ ਕੂੜੇ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਫਾਇਰ ਬ੍ਰਿਗੇਡ ਸਥਿਤ ਐਮ.ਆਰ.ਐਫ ਕੇਂਦਰ ਦਾ ਦੌਰਾ ਕਰਵਾਇਆ ਗਿਆ। ਇੱਥੇ ਬੱਚਿਆਂ ਨੂੰ ਗਿੱਲੇ ਕੂੜੇ ਤੋਂ ਜੈਵਿਕ ਖਾਦ ਬਣਾਉਣ ਦੀ ਪ੍ਰਕਿਰਿਆ ਅਤੇ ਕੂੜਾ ਪ੍ਰਬੰਧਨ ਦੇ ਹੋਰ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਸੁਥਰਾ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਵਾਤਾਵਰਣ ਪੱਖੀ ਬਣਾਇਆ ਜਾ ਸਕੇ।
ਇਸ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨ ਦੀ ਵੀ ਅਪੀਲ ਕੀਤੀ ਗਈ।
ਇਸ ਪ੍ਰੋਗਰਾਮ ਵਿੱਚ ਨਗਰ ਨਿਗਮ ਦੇ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।