3 ਜਨਵਰੀ ਨੂੰ ਹੋਵੇਗੀ ਨੌਜਵਾਨਾਂ ਲਈ ਮੁਫ਼ਤ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਨਵਾਂਸ਼ਹਿਰ, 1 ਜਨਵਰੀ ( ਹਰਪਾਲ ਲਾਡਾ ): ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਵੱਲ ਇਕ ਅਹਿਮ ਕਦਮ ਚੁੱਕਦਿਆਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦਘਾਟਨ ਮਿਤੀ 3 ਜਨਵਰੀ 2025, ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਲਈ ਚਾਹਵਾਨ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਵੀ ਉਸੇ ਦਿਨ (ਮਿਤੀ 3 ਜਨਵਰੀ) ਨੂੰ ਸਵੇਰੇ 9 ਵਜੇ ਆਈ.ਟੀ.ਆਈ ਗਰਾਊਡ ਨਵਾਂਸ਼ਹਿਰ ਵਿਖੇ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਂਪ ਦਾ ਉਦੇਸ਼ ਨੌਜਵਾਨਾਂ ਵਿਚ ਇਕ ਸਿਹਤਮੰਦ ਅਤੇ ਲਾਭਕਾਰੀ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦਿਆਂ ਪੁਲਿਸ, ਫ਼ੌਜ, ਅਗਨੀਵੀਰ ਭਰਤੀ ਅਤੇ ਪੀ.ਸੀ.ਐਸ, ਐਸ.ਆਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਚਾਹਵਾਨ ਉਮੀਦਵਾਰਾਂ ਨੂੰ ਸਿਖਲਾਈ ਦੇਣਾ ਹੈ। ਉਨ੍ਹਾਂ ਕਿਹਾ ਕਿ 18 ਤੋਂ 28 ਸਾਲ ਦੀ ਉਮਰ ਦੇ ਨੌਜਵਾਨ ਇਸ ਸਿਖਲਾਈ ਕੈਂਪ ਵਿੱਚ ਭਾਗ ਲੈ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਭਾਗੀਦਾਰਾਂ ਨੂੰ ਕਿਤਾਬਾਂ, ਸਿਖਲਾਈ ਸਮੱਗਰੀ, ਬੂਟ ਅਤੇ ਇਨ੍ਹਾਂ ਪ੍ਰੀਖਿਆਵਾਂ ਲਈ ਜ਼ਰੂਰੀ ਸਰੀਰਕ ਮਾਪਦੰਡਾਂ ਬਾਰੇ ਵਿਸਥਾਰਤ ਜਾਣਕਾਰੀ ਸਮੇਤ ਵਿਆਪਕ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਸੈਸ਼ਨ ਦਾ ਸਮਾਂ ਸਵੇਰੇ 9 ਤੋਂ 11 ਵਜੇ ਤੱਕ ਅਤੇ ਸ਼ਾਮ 4 ਤੋਂ 6 ਵਜੇ ਤੱਕ ਦਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਵਿਚ ਕੋਈ ਵੀ ਚਾਹਵਾਨ ਉਮੀਦਵਾਰ ਸਾਧਨਾਂ ਜਾਂ ਮਾਰਗਦਰਸ਼ਨ ਦੀ ਘਾਟ ਕਾਰਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਮੌਕੇ ਤੋਂ ਵਾਂਝਾ ਨਾ ਰਹੇ।” ਉਨ੍ਹਾਂ ਕਿਹਾ ਕਿ ਇਹ ਮੁਫ਼ਤ ਸਿਖਲਾਈ ਉਮੀਦਵਾਰਾਂ ਲਈ ਤਜ਼ਰਬੇਕਾਰ ਟ੍ਰੇਨਰਾਂ ਦੀ ਨਿਗਰਾਨੀ ਹੇਠ ਆਪਣੀ ਤਿਆਰੀ ਨੂੰ ਵਧਾਉਣ ਦਾ ਸੁਨਹਿਰੀ ਮੌਕਾ ਹੈ।
ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਲਈ ਮਿਤੀ 3 ਜਨਵਰੀ ਨੂੰ ਸਵੇਰੇ 9 ਵਜੇ ਆਈ.ਟੀ.ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ।