ਹਰ ਵਿਅਕਤੀ ਘਰ, ਸਮਾਜ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਵੇ : ਚਮਨ ਸਿੰਘ

ਨਵਾਂਸ਼ਹਿਰ, 8 ਜਨਵਰੀ 2025 ( ਹਰਪਾਲ ਲਾਡਾ ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਕੋਟ ਰਾਂਝਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਨ- ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪਿੰਡ ਕੋਟ ਰਾਂਝਾ ਦੇ ਸਰਪੰਚ ਰੁਪਿੰਦਰਜੀਤ ਕੌਰ ਨੇ ਕੀਤੀ।
ਇਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਨੌਜਵਾਨ ਵਰਗ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਹਰ ਵਿਅਕਤੀ ਘਰ, ਸਮਾਜ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਵੇ।


ਇਹ ਸ਼ੁਰੂਆਤ ਪਹਿਲਾਂ ਆਪਣੇ ਘਰ ਤੋਂ ਕੀਤੀ ਜਾਵੇ। ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਆਉਣ ਵਾਲੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉੰਦੀ ਹੈ ਤਾਂ ਉਹ ਉਸਨੂੰ ਆਪਣੇ ਮਾਪਿਆਂ ਜਾਂ ਅਧਿਆਪਕਾਂ ਨਾਲ ਸਾਝਾਂ ਕਰਨ।

ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਤੇ ਓਟ ਕੌਂਸਲਰ ਹਰਪ੍ਰੀਤ ਸਿੰਘ ਨੇ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾੜੀ ਸੰਗਤ ਤੋਂ ਹਮੇਸ਼ਾ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਨਸ਼ਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਨਸ਼ੇ ਦੀ ਆਦਤ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਰੋਗੀ ਬਣਾ ਦਿੰਦੀ ਹੈ।
ਇਸ ਮੌਕੇ ਪਿੰਡ ਕੋਟ ਰਾਂਝਾ ਦੇ ਸਰਪੰਚ ਰੁਪਿੰਦਰਜੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਵਿੱਚ ਨਸ਼ਿਆਂ ਵਿਰੁੱਧ ਅਜਿਹੇ ਜਾਗਰੂਕਤਾ ਸੈਮੀਨਾਰ ਭਵਿੱਖ ਵਿੱਚ ਵੀ ਕਰਵਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਇਸ ਅਭਿਆਨ ਨੂੰ ਸਫਲਤਾਪੂਰਵਕ ਚਲਾਈਏ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ।
ਇਸ ਮੌਕੇ ਹੋਰਨਾਂ ਤੋੰ ਇਲਾਵਾ ਰੈੱਡ ਕਰਾਸ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦੇ ਕੌਂਸਲਰ ਕਮਲਜੀਤ ਕੌਰ, ਹੈੱਡ ਮਾਸਟਰ ਲਖਵੀਰ ਸਿੰਘ, ਕਪਿਲ ਦੁੱਗਲ, ਟੀਚਰ ਅਸ਼ਵਨੀ, ਪੰਚ ਹਰਵਿੰਦਰ ਸਿੰਘ, ਪੰਚ ਅਮਰੀਕ ਸਿੰਘ, ਪੰਚ ਪਰਮਜੀਤ ਕੌਰ, ਪੰਚ ਮਨਜੀਤ ਕੌਰ, ਆਸ਼ਾ ਵਰਕਰ ਪਰਮਜੀਤ ਕੌਰ, ਨੀਲਮ, ਆਂਗਨਵਾੜੀ ਵਰਕਰ ਸਮੇਤ ਆਮ ਲੋਕ ਮੌਜੂਦ ਸਨ।