ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵਾਂਸ਼ਹਿਰ, 19 ਫਰਵਰੀ ( ਹਰਪਾਲ ਲਾਡਾ ): ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਬੋਰਡ ਵੱਲੋਂ ਇਸ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਰਧ ਸਰਕਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੇ ਸਫਲ ਸੰਚਾਲਨ ਲਈ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਅਣਸੁਖਾਵੀ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਨਾ ਹੋਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਨਕਲ ‘ਤੇ ਰੋਕ ਲਗਾਈ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ। ਇਹ ਹੁਕਮ 4 ਅਪ੍ਰੈਲ, 2025 ਤੱਕ ਲਾਗੂ ਰਹਿਣਗੇ।
