ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 24 ਫਰਵਰੀ ( ਬਲਜਿੰਦਰ ਸਿੰਘ ): ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਤਹਿਸੀਲ ਦਫ਼ਤਰ ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ ਤੇ ਹੋਰਨਾਂ ਵੱਖ-ਵੱਖ ਬ੍ਰਾਂਚਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਆਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਜਿਸਟਰੀਆਂ ਅਤੇ ਮਾਲ ਮਹਿਕਮੇ ਨਾਲ ਸਬੰਧਤ ਸਾਰੇ ਕੰਮ ਸਾਫ-ਸੁਥਰੇ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕਰਨੇ ਯਕੀਨੀ ਬਣਾਏ ਜਾਣ।
ਉਨ੍ਹਾਂ ਹਦਾਇਤ ਕੀਤੀ ਕਿ ਕੰਮ ਕਰਵਾਉਣ ਆਏ ਲੋਕਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦਾ ਲੋਕਾਂ ਨੂੰ ਬਿਨਾਂ ਕਿਸੇ ਤਰ੍ਹਾਂ ਦੀ ਦੇਰੀ ਅਤੇ ਖੱਜਲ-ਖੁਆਰੀ ਤੋਂ ਲਾਭ ਮਿਲਣਾ ਚਾਹੀਦਾ ਹੈ।


ਇਸ ਦੌਰਾਨ ਉਨ੍ਹਾਂ ਦਫਤਰ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਸਬੰਧੀ ਤਹਿਸੀਲਦਾਰ ਅਤੇ ਹੋਰਨਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ੳਨ੍ਹਾਂ ਕੰਮਕਾਜ਼ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਤਹਿਸੀਲਦਾਰ ਨਵਾਂ ਸ਼ਹਿਰ ਪਰਵੀਨ ਛਿੱਬਰ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਪੀ.ਏ- ਟੂ-ਡੀ-ਸੀ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।