ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਬੰਗਾ/ਨਵਾਂਸ਼ਹਿਰ, 28 ਫਰਵਰੀ ( ਹਰਪਾਲ ਲਾਡਾ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਦੀਆਂ ਹਦਾਇਤਾਂ ‘ਤੇ ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ ਦੀ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਦੋਆਬਾ ਰਿਜ਼ੋਰਟ, ਬੰਗਾ ਵਿਖੇ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ 150 ਦੇ ਕਰੀਬ ਕਿਸਾਨ ਸ਼ਾਮਿਲ ਹੋਏ। ਪੰਜਾਬ ਸਟੇਟ ਕੰਨਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਅਤੇ
ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਸਤਨਾਮ ਸਿੰਘ ਜਲਵਾਹਾ ਵੀ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।


ਮੁੱਖ ਮਹਿਮਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਹਾਜ਼ਰ ਕਿਸਾਨ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਮਿੱਟੀ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਦੇ ਮਨੁੱਖੀ ਸਿਹਤ ‘ਤੇ ਬਹੁਤ ਬੁਰੇ ਪ੍ਰਭਾਵ ਪੈਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੂਝਵਾਨ ਕਿਸਾਨਾਂ ਦੀ ਬਦੌਲਤ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 84 ਫੀਸਦੀ ਘਟੇ ਹਨ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬੰਗਾ ਵਿਪਨ ਭੰਡਾਰੀ ਨੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਵੱਲੋਂ ਵਿਕਸਿਤ ਕੀਤੀਆਂ ਤਕਨੀਕਾਂ ਅਪਣਾ ਕੇ ਖੇਤੀ ਕਰਨ ਦੀ ਸਲਾਹ ਦਿੱਤੀ। ਐਸ.ਡੀ.ਐੱਮ ਬਲਾਚੌਰ ਰਵਿੰਦਰ ਕੁਮਾਰ ਬਾਂਸਲ ਵੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ।
ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਾਲ 2024-25 ਦੌਰਾਨ ਵੱਖ-ਵੱਖ ਮਸ਼ੀਨਰੀ ਉਪਦਾਨ ‘ਤੇ ਦੇਣ ਲਈ ਆਨਲਾਈਨ ਪੋਰਟਲ ‘ਤੇ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪ੍ਰਾਪਤ ਟੀਚੇ ਅਨੁਸਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਅਨੁਸਾਰ 229 ਮਸ਼ੀਨਾਂ ਦੀ ਕੁੱਲ 3,91,74,800 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤੇ ਵਿਚ ਡੀ.ਬੀ.ਟੀ ਰਾਹੀਂ ਟਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ 13 ਬੇਲਰ, 1 ਕਰਾਪ ਰੀਪਰ, 3 ਐਚ ਆਰ.ਐਮ.ਬੀ ਪਲਾਓ, 1 ਪੈਡੀ ਸਟਰਾਅ ਚੌਪਰ, 15 ਰੋਟਰੀ ਸਲੈਸ਼ਰ, 9 ਸਟਰਾਅ ਰੇਕ,167 ਸੁਪਰ ਸੀਡਰ, 7 ਟ੍ਰੈਕਟਰ, 6 ਟਰਾਲੀਆਂ ਅਤੇ 7 ਜ਼ੀਰੋ ਟਿੱਲ ਡਰਿੱਲ ਸ਼ਾਮਲ ਹਨ।
ਖੇਤੀਬਾੜੀ ਅਫਸਰ ਬੰਗਾ ਡਾ. ਲਛਮਣ ਦਾਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਗਈਆਂ ਤਕਨੀਕਾਂ ਅਤੇ ਵੱਖ-ਵੱਖ ਫ਼ਸਲਾਂ ਦੀਆਂ ਕਿਸਮਾਂ ਨੂੰ ਅਪਣਾ ਕੇ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਡਾ. ਜਸਵਿੰਦਰ ਕੁਮਾਰ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਸਮਾਗਮ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪਰਾਲੀ ਪ੍ਰਬੰਧਨ ਲਈ ਵਧੀਆਂ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਇਸ ਮੌਕੇ ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ ਡਾ. ਕੁਲਵਿੰਦਰ ਕੌਰ ਏ.ਪੀ.ਪੀ.ਓ, ਡਾ.ਲਛਮਣ ਦਾਸ ਖੇਤੀਬਾੜੀ ਅਫਸਰ ਬੰਗਾ, ਡਾ. ਲੇਖ ਰਾਜ ਖੇਤੀਬਾੜੀ ਅਫਸਰ ਔੜ, ਡਾ. ਸੁਰਿੰਦਰ ਕੁਮਾਰ ਖੇਤੀਬਾੜੀ ਅਫਸਰ, ਬਲਾਚੌਰ, ਡਾ. ਨਿਤਿਨ ਖੇਤੀਬਾੜੀ ਅਫਸਰ ਸੜੋਆ, ਡਾ. ਕਮਲਦੀਪ ਸਿੰਘ ਪ੍ਰੋਜੈਕੈਟ ਡਾਇਰੈਕਟਰ ਆਤਮਾ ਅਤੇ ਪਰਮਵੀਰ ਕੌਰ ਡੀ.ਪੀ.ਡੀ ਹਾਜ਼ਰ ਤੇ ਹੋਰ ਹਾਜ਼ਰ ਸਨ।