2 ਮਈ ਨੂੰ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ: ਆਸ਼ਿਕਾ ਜੈਨ

ਹੁਸ਼ਿਆਰਪੁਰ, 28 ਅਪ੍ਰੈਲ ( ਹਰਪਾਲ ਲਾਡਾ ): ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਹੋਈ। ਇਹ ਮੀਟਿੰਗ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਹੋਈ, ਜਿਸ ਵਿੱਚ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ‘ਵਿਲੇਜ਼ ਡਿਫੈਂਸ ਕਮੇਟੀ – ਪਿੰਡਾ ਦੇ ਪਹਿਰੇਦਾਰ’ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਸਮਾਗਮ 2 ਮਈ ਨੂੰ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਰਾਹੀਂ ਜ਼ਿਲ੍ਹੇ ਵਿੱਚ ਬਣਾਈਆਂ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਇਨ੍ਹਾਂ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਇਸ ਲਈ ਉਨ੍ਹਾਂ ਨੂੰ ਸਹੀ ਸਿਖਲਾਈ ਅਤੇ ਮਾਰਗਦਰਸ਼ਨ ਪ੍ਰਦਾਨ ਕਰਨਾ ਜ਼ਰੂਰੀ ਹੈ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਦੀਆਂ ਭੂਮਿਕਾਵਾਂ ਨੂੰ ਸਪੱਸ਼ਟ ਤੌਰ ‘ਤੇ ਸਮਝਾਇਆ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰੋਗਰਾਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣਾ ਹੋਵੇਗਾ ਤਾਂ ਜੋ ਇਸ ਮੁਹਿੰਮ ਦੇ ਅਸਲ ਉਦੇਸ਼, ਭਾਵ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਨੂੰ ਸਾਕਾਰ ਕੀਤਾ ਜਾ ਸਕੇ।

ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੀ ‘ਪਿੰਡਾ ਦੇ ਪਹਿਰੇਦਾਰ’ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗਤੀਵਿਧੀਆਂ ਵਧਾਉਣ ਲਈ ਕਮੇਟੀ ਮੈਂਬਰਾਂ ਨੂੰ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ, ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਸਮੇਂ ਸਿਰ ਰਿਪੋਰਟ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।