ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 30 ਅਪ੍ਰੈਲ ( ਹਰਪਾਲ ਲਾਡਾ ): ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਦੀ ਸਾਂਝੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮਾਲ ਵਿਭਾਗ, ਜੰਗਲਾਤ, ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ, ਪੰਜਾਬ ਰੋਡਵੇਜ, ਲੋਕ ਨਿਰਮਾਣ, ਪੰਚਾਇਤਾਂ, ਪਸ਼ੂ ਪਾਲਣ ਅਤੇ ਟਰਾਂਸਪੋਰਟ ਵਿਭਾਗਾਂ ਨਾਲ ਸਬੰਧਤ ਲੋਕ ਮਸਲਿਆਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਂਬੱਧ ਢੰਗ ਨਾਲ ਇਨ੍ਹਾਂ ਮਸਲਿਆਂ ਦਾ ਨਿਪਟਾਰਾ ਅਤੇ ਲੋੜੀਂਦੀ ਕਾਰਵਾਈ ਨੂੰ ਅਮਲੀ ਰੂਪ ਦਿੱਤਾ ਜਾਵੇ। ਡਾ. ਰਵਜੋਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਅਪਗ੍ਰੇਡ ਹੋਣ ਵਾਲੇ ਸਕੂਲਾਂ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜ਼ਰੂਰੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਪੂਰਾ ਕਰਕੇ ਅਗਲੀ ਕਾਰਵਾਈ ਲਈ ਨਿਰਦੇਸ਼ ਦਿੱਤੇ।


ਕੰਢੀ ਇਲਾਕੇ ਦੇ ਕਈ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਬਾਰੇ ਜਾਣਕਾਰੀ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਿਥੇ ਲੋੜ ਹੈ ਉਥੇ ਪਾਈਪਾਂ/ਮੋਟਰਾਂ ਆਦਿ ਦੀ ਲੋੜੀਂਦੀ ਮੁਰੰਮਤ ਦੀ ਵੀ ਹਦਾਇਤ ਕੀਤੀ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਰਿਟੇਨਿੰਗ ਵਾਲ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਸੜਕਾਂ ਦੇ ਆਲੇ-ਦੁਆਲੇ ਇਹ ਕੰਧਾਂ ਬਣਾਏ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਦਰੱਖਤਾਂ ਦੀ ਕਟਾਈ ਲਈ ਨਿਰਧਾਰਤ ਨੀਤੀ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਿਕ ਲੋੜੀਂਦੀ ਗਿਣਤੀ ਵਿਚ ਨਵੀਂ ਥਾਂ ‘ਤੇ ਬੂਟੇ ਲਾਉਣ ਨੂੰ ਵੀ ਹਰ ਹਾਲ ਯਕੀਨੀ ਬਣਾਇਆ ਜਾਵੇ।

ਢੋਲਵਾਹਾ, ਜਨੌੜੀ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਡਾ. ਰਵਜੋਤ ਸਿੰਘ ਨੇ ਪੰਜਾਬ ਰੋਡਵੇਜ ਅਤੇ ਟਰਾਂਸਪੋਰਟ ਵਿਭਾਗ ਦੇ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਖੇਤਰਾਂ ਵਿਚ ਬੱਸ ਅੱਡਿਆਂ ‘ਤੇ ਬੱਸਾਂ ਨੂੰ ਰੋਕਣ ਲਈ ਸਬੰਧਤ ਕਰਮਚਾਰੀਆਂ ਨੂੰ ਪਾਬੰਦ ਕੀਤਾ ਜਾਵੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਹੂਲਤ ਰੋਡਵੇਜ ਦੀਆਂ ਬੱਸਾਂ ਦੇ ਨਵੇਂ ਟਾਈਮ ਸ਼ੁਰੂ ਕਰਨ ਦੇ ਨਾਲ-ਨਾਲ ਪ੍ਰਾਈਵੇਟ ਬੱਸਾਂ ਨੂੰ ਵੀ ਰੁਕਣ ਲਈ ਵੀ ਅਧਿਕਾਰੀਆਂ ਨੂੰ ਨਿਦੇਸ਼ ਦਿੱਤੇ। ਪਿੰਡਾਂ ਵਿਚ ਬਣਾਏ ਜਾ ਰਹੇ ਅੰਮ੍ਰਿਤ ਸਰੋਵਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਸ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਪੈਂਡਿੰਗ ਪਏ ਇੰਤਕਾਲਾਂ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਤਹਿਸੀਲਾਂ ਵਿਚ ਸਰਕਾਰੀ ਫੀਸ ਵਾਲੇ ਬੋਰਡ ਪ੍ਰਮੁੱਖ ਸਥਾਨਾਂ ‘ਤੇ ਲਾਏ ਜਾਣ ਤਾਂ ਜੋ ਲੋਕਾਂ ਨੂੰ ਪੂਰੀ ਜਾਣਕਾਰੀ ਹੋ ਸਕੇ।
ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਦੀ ਰਫ਼ਤਾਰ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਹ ਪ੍ਰੋਜੈਕਟ ਸਮੇਂ ਸਿਰ ਨੇਪਰੇ ਚੜ੍ਹ ਸਕਣ। ਮੀਟਿੰਗ ਦੌਰਾਨ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।