ਪੰਜਾਬ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਾਇਲ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਪਾਇਲ (ਲੁਧਿਆਣਾ): ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਦਾਣਾ ਮੰਡੀ ਪਾਇਲ ਵਿਖੇ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਅੰਦਰ 260 ਲਾਭਪਾਤਰੀਆਂ ਨੂੰ 5 ਕਰੋੜ 34 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।

ਉਨ੍ਹਾਂ ਅੱਗੇ ਕਿਹਾ, ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।

ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਜ਼ਿਲ੍ਹਾ ਮੈਨੇਜਰ ਸੰਦੀਪ ਕੁਮਾਰ, ਕਲਰਕ ਮਨਜੀਤ ਸਿੰਘ ਅਤੇ ਜਸਪਾਲ ਸਿੰਘ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜਾਂ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ। ਇਸ ਮੌਕੇ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਬੂਟਾ ਸਿੰਘ ਗਿੱਲ, ਪੀ.ਏ ਮਨਜੀਤ ਸਿੰਘ, ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page