ਪੰਜਾਬ

ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਆਹਲੂਵਾਲੀਆ ਨੇ ਖਰੜ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ): ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਡਾ. ਐਸ.ਐਸ. ਆਹਲੂਵਾਲੀਆ ਨੇ ਅੱਜ ਇੱਥੇ ਖਰੜ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਅਤੇ ਐਮ ਐਲ ਏ ਅਨਮੋਲ ਗਗਨ ਮਾਨ ਦੇ ਭਰਾ ਨਵਦੀਪ ਸਿੰਘ ਮਾਨ, ਵਿਕਾਸ ਮੋਹਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਇੰਜੀਨੀਅਰ ਇੰਨ ਚੀਫ਼, ਐਸਡੀਓ, ਜੇ ਈ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਭ ਤੋਂ ਪਹਿਲਾਂ ਡਾ. ਆਹਲੂਵਾਲੀਆ ਨੇ ਖਰੜ ਦੇ ਝੂੰਗੀਆਂ ਰੋਡ ਤੇ ਚੱਲ ਰਹੇ ਪੀਣ ਵਾਲੇ ਸਾਫ਼ ਪਾਣੀ ਦੇ 22.15 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਮੌਕਾ ਦੇਖਿਆ। ਇਸ ਪ੍ਰੋਜੈਕਟ ਨੂੰ ਛੇਤੀ ਪੂਰਾ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਖਰੜ ਵਾਸੀਆਂ ਨੂੰ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਡਾ. ਆਹਲੂਵਾਲੀਆ ਨੇ ਇਸ ਤੋਂ ਬਾਅਦ, ਖਰੜ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਲਈ, ਖਰੜ ਤੋਂ ਲਾਡਰਾਂ ਰੋਡ ‘ਤੇ ਚੱਲ ਰਹੇ 18.61 ਕਰੋੜ ਦੇ ਸੀਵਰੇਜ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ। ਇਸ ਪ੍ਰੋਜੈਕਟ ਰਾਹੀਂ ਖਰੜ ਦੇ ਵੱਖ-ਵੱਖ ਵਾਰਡਾਂ ਵਿੱਚ ਸੀਵਰੇਜ ਲਾਇਨਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਲਾਇਨਾਂ ਦਾ ਕੰਮ ਪੂਰਾ ਹੋਣ ਨਾਲ ਖਰੜ ਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਹੱਲ ਹੋਵੇਗੀ।

ਉਪਰੰਤ ਡਾ. ਆਹਲੂਵਾਲੀਆ ਨੇ ਖਰੜ ਹਲਕੇ ਦੇ ਪਿੰਡ ਖੂਨੀਮਾਜਰਾ ਨੇੜੇ 14.83 ਕਰੋੜ ਰੁਪਏ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਸਾਰੇ ਪ੍ਰੋਜੈਕਟ ਛੇਤੀ ਤੋਂ ਛੇਤੀ ਪੂਰੇ ਕੀਤੇ ਜਾਣ, ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਸ ਟੀ ਪੀ ਦੇ ਲੱਗਣ ਤੋਂ ਬਾਅਦ ਸੀਵਰੇਜ ਦੇ ਪਾਣੀ ਨੂੰ ਸਾਫ਼ ਕਰਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਖਰੜ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਛੁਟਕਾਰਾ ਦਵਾਇਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 3 ਸਾਲਾਂ ਦੇ ਵਿੱਚ ਖਰੜ ਦੇ ਅਲੱਗ–ਅਲੱਗ ਵਾਰਡਾਂ ਵਿੱਚ ਕਈਂ ਨਵੇਂ ਟਿਊਬਵੈਲ ਸ. ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਲਗਾਏ ਗਏ ਹਨ, ਜਿਸ ਨਾਲ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖਰੜ ਦੇ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਚੱਲ ਰਿਹਾ ਹੈ, ਜਿਸ ਨੂੰ ਕਿ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਨੂੰ ਪੀਣ ਵਾਲਾ ਪਾਣੀ ਹਰ ਹਾਲ ਵਿੱਚ ਮੁਹੱਈਆ ਕਰਵਾਉਣ ਦੇ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਚ ਖਰੜ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button

You cannot copy content of this page