Hoshairpur

ਹਲਕਾ ਚੱਬੇਵਾਲ ਦੇ 195 ਪਰਿਵਾਰਾਂ ਨੂੰ ਘਰ ਬਣਾਉਣ ਲਈ ਵੰਡੀ 2.92 ਕਰੋੜ ਦੀ ਰਾਸ਼ੀ: ਵਿਧਾਇਕ ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ/ਚੱਬੇਵਾਲ, 17 ਨਵੰਬਰ ( ਹਰਪਾਲ ਲਾਡਾ ): ਵਿਧਾਨ ਸਭਾ ਹਲਕਾ ਚੱਬੇਵਾਲ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਅਸੀਂ ਵਚਨਬੱਧ ਹਾਂ ਅਤੇ ਇਸੇ ਕੜੀ ਤਹਿਤ ਅੱਜ ਹਲਕੇ ਦੇ 195 ਪਰਿਵਾਰਾਂ ਨੂੰ ਨਵੇਂ ਘਰਾਂ ਦੇ ਨਿਰਮਾਣ ਲਈ ਆਵਾਸ ਯੋਜਨਾ ਤਹਿਤ 2 ਕਰੋੜ 92 ਲੱਖ 50 ਹਜਾਰ ਰੁਪਏ ਦੀ ਰਕਮ ਵੰਡੀ ਗਈ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਲਾਭਪਾਤਰੀ ਪਰਿਵਾਰ ਨੂੰ 1.50 ਲੱਖ ਰੁਪਏ ਦੀ ਰਕਮ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਹੋਰ ਪਰਿਵਾਰਾਂ ਨੂੰ ਵੀ ਇਸੇ ਤਰ੍ਹਾਂ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਹਰੇਕ ਪਰਿਵਾਰ ਦੇ ਸਿਰ ਉੱਪਰ ਪੱਕੀ ਛੱਤ ਜ਼ਰੂਰ ਹੋਵੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਚੱਬੇਵਾਲ ਹਲਕੇ ਦੇ ਹੋਰ ਜਿੰਨੇ ਵੀ ਪਰਿਵਾਰਾਂ ਨੇ ਆਵਾਸ ਯੋਜਨਾ ਦਾ ਲਾਭ ਲੈਣ ਲਈ ਅਪਲਾਈ ਕੀਤਾ ਹੋਇਆ ਹੈ, ਉਨ੍ਹਾਂ ਦੀਆਂ ਫਾਈਲਾਂ ਨੂੰ ਕਲੀਅਰ ਕਰਵਾਉਣ ਲਈ ਵੀ ਸਾਡੇ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਦੀ ਆਪ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਉਨ੍ਹਾ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਦਿੱਤੇ ਜਾ ਰਹੇ ਹਨ ਤੇ ਦੂਜੇ ਪਾਸੇ ਹੁਸ਼ਿਆਰਪੁਰ ਤੋਂ ਆਪ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਆਪਣੇ ਅਖ਼ਤਿਆਰੀ ਫੰਡ ਵਿਚੋ ਗ੍ਰਾਂਟਾਂ ਜਾਰੀ ਕਰਕੇ ਪੂਰੇ ਜਿਲ੍ਹੇ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਦਾ ਘੇਰਾ ਲਗਾਤਾਰ ਵਧਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਹਰੇਕ ਪਰਿਵਾਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ, ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਵਿਚ ਬਿਨਾਂ ਕਿਸੇ ਸਿਫਾਰਿਸ਼ ਤੇ ਰਿਸ਼ਵਤ ਤੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਆਖ਼ਿਰ ਵਿਚ ਕਿਹਾ ਕਿ ਚੱਬੇਵਾਲ ਹਲਕਾ ਮੇਰਾ ਘਰ ਹੈ ਅਤੇ ਇਥੇ ਰਹਿਣ ਵਾਲੇ ਲੋਕ ਮੇਰੇ ਪਰਿਵਾਰ ਦੇ ਮੈਂਬਰ ਹਨ ਅਤੇ ਮੈਂ ਹਮੇਸ਼ਾ ਆਪਣੇ ਪਰਿਵਾਰ ਦੀ ਸੇਵਾ ਵਿਚ ਹਾਜ਼ਰ ਰਹਾਂਗਾ।

Related Articles

Leave a Reply

Your email address will not be published. Required fields are marked *

Back to top button

You cannot copy content of this page