ਬੱਚਿਆਂ ਦੇ ਭਵਿੱਖ ਅਤੇ ਸਮਾਜਿਕ ਵਿਕਾਸ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਾਲ ਵਿਆਹ


ਹੁਸ਼ਿਆਰਪੁਰ, 29 ਦਸੰਬਰ ( ਹਰਪਾਲ ਲਾਡਾ ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਿਤੀ 27 ਨਵੰਬਰ 2025 ਤੋਂ 8 ਮਾਰਚ 2026 ਤੱਕ ਚਲਾਈ ਜਾਣ ਵਾਲੀ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਲ ਵਿਆਹ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਗੰਭੀਰ ਸਮਾਜਿਕ ਬੁਰਾਈ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਅਤੇ ਸਮਾਜਿਕ ਨਿਆਂ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ।
‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਆਂਗਨਵਾੜੀ ਸੈਟਰਾਂ ਅਤੇ ਸਕੂਲਾਂ ਵਿਚ ਰੋਜ਼ਾਨਾ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਹੁਸ਼ਿਆਰਪੁਰ ਦੇ ਪਿੰਡ ਚੱਕ ਰਾਜੂ ਸਿੰਘ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਦੱਸਿਆ ਗਿਆ ਕਿ ਬਾਲ ਵਿਆਹ ਇਕ ਸਮਾਜਿਕ ਬੁਰਾਈ ਅਤੇ ਕਾਨੂੰਨ ਦੀ ਉਲੰਘਣਾ ਹੈ।
18 ਸਾਲ ਤੋਂ ਘੱਟ ਉਮਰ ਦੀ ਕਿਸੇ ਵੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਲੜਕੇ ਦਾ ਵਿਆਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਇਸ ਵਿਚ ਸ਼ਾਮਿਲ ਹੋਣ ਵਾਲੇ ਮਾਪਿਆਂ, ਰਿਸ਼ਤੇਦਾਰਾਂ, ਪੰਚਾਇਤ ਮੈਬਰਾਂ ਅਤੇ ਧਾਰਮਿਕ ਰਸਮਾਂ ਨਿਭਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਵੀ ਦੱਸਿਆ ਗਿਆ ਕਿ ਬਾਲ ਵਿਆਹ ਨਾ ਸਿਰਫ ਬੱਚਿਆ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਦਾ ਹੈ, ਸਗੋਂ ਸਿਹਤ, ਸਿੱਖਿਆ ਅਤੇ ਸਮਾਜਿਕ ਵਿਕਾਸ ਵਿੱਚ ਵੀ ਗੰਭੀਰ ਪ੍ਰਭਾਵ ਛੱਡਦਾ ਹੈ। ਬਾਲ ਵਿਆਹ ਸਬੰਧੀ

ਹੈਲਪਲਾਈਨ 1098 ਉੱਤੇ ਸੂਚਨਾ ਦਿੱਤੀ ਜਾ ਸਕਦੀ ਹੈ ਅਤੇ ਹਰੇਕ ਸੂਚਨਾ ਗੁਪਤ ਰੱਖੀ ਜਾਂਦੀ ਹੈ।




