ਆਰਟੀਓ ਨੇ ਓਵਰਲੋਡ ਵਾਹਨਾਂ ‘ਤੇ ਕੀਤੀ ਸਖ਼ਤ ਕਾਰਵਾਈ, 3.20 ਲੱਖ ਦਾ ਵਸੂਲਿਆ ਜ਼ੁਰਮਾਨਾ


ਹੁਸ਼ਿਆਰਪੁਰ, 19 ਫਰਵਰੀ : ਡਿਪਟੀ ਕਮਿਸ਼ਨਰ – ਕਮ- ਚੇਅਰਪਰਸਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਓਵਰਲੋਡਿਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਮੁਹਿੰਮ ਆਰਟੀਓ ਅਮਨਦੀਪ ਕੌਰ ਘੁੰਮਣ ਦੀ ਦੇਖ-ਰੇਖ ਵਿਚ ਚਲਾਈ ਗਈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੜਕ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਿਹਾ ਹੈ ਅਤੇ ਓਵਰਲੋਡਿੰਗ, ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਿਰੁੱਧ ਮੁਹਿੰਮ ਜਾਰੀ ਰਹੇਗੀ।
ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਆਵਾਜਾਈ ਪ੍ਰਣਾਲੀ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਪ੍ਰਮੁੱਖ ਸੜਕਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ। ਨਿਰੀਖਣ ਦੌਰਾਨ ਬਹੁਤ ਸਾਰੇ ਵਾਹਨ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਢੋਹਦੇ ਹੋਏ ਪਾਏ ਗਏ, ਜੋ ਕਿ ਸੜਕ ਸੁਰੱਖਿਆ ਲਈ ਇੱਕ ਗੰਭੀਰ ਖ਼ਤਰਾ ਹੈ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ।

ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਓਵਰਲੋਡਿੰਗ ਮੋਟਰ ਵਾਹਨ ਐਕਟ ਦੀ ਉਲੰਘਣਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਵਧਾਉਂਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਡਰਾਈਵਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਕੁੱਲ 3 ਲੱਖ 20 ਹਜ਼ਾਰ ਦਾ ਜੁਰਮਾਨਾ ਵਸੂਲਿਆ ਗਿਆ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਸੜਕ ਹਾਦਸਿਆਂ ‘ਤੇ ਪ੍ਰਭਾਵਸ਼ਾਲੀ ਕੰਟਰੋਲ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ।




