ਚੱਬੇਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਂਲੂਆਂ ਦੀ ਬੱਸ ਅੰਮ੍ਰਿਤਸਰ ਰਵਾਨਾ


ਹੁਸ਼ਿਆਰਪੁਰ, 18 ਫਰਵਰੀ ( ਹਰਪਾਲ ਲਾਡਾ ) : ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਧਾਰਮਿਕ ਯਾਤਰਾ ਲਈ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਸਕੱਤਰ ਅਤੇ ਦੋਆਬਾ ਜ਼ੋਨ ਇੰਚਾਰਜ ਤਰੁਣ ਅਰੋੜਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਬਜ਼ੁਰਗ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਯੋਗ ਬਣਾਉਂਦੀ ਹੈ ਬਲਕਿ ਸਮਾਜਿਕ ਸਦਭਾਵਨਾ ਅਤੇ ਅਧਿਆਤਮਿਕ ਬੰਧਨ ਨੂੰ ਵੀ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਹਿਲੇ ਦਿਨ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਵਾਏ ਜਾਣਗੇ। ਦੂਜੇ ਦਿਨ ਉਨ੍ਹਾਂ ਨੂੰ ਪਾਰਟੀਸ਼ਨ ਮਿਊਜ਼ੀਅਮ, ਜਲ੍ਹਿਆਂਵਾਲਾ ਬਾਗ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਅਤੇ ਲੰਗਰ ਸੇਵਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵਾਹਗਾ ਬਾਰਡਰ ‘ਤੇ ਬੀਟਿੰਗ ਰਿਟਰੀਟ ਸਮਾਰੋਹ ਦਿਖਾਇਆ ਜਾਵੇਗਾ। ਤੀਜੇ ਦਿਨ ਸ਼ਰਧਾਲੂ ਭਗਵਾਨ ਵਾਲਮੀਕਿ ਜੀ ਤੀਰਥ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤਣਗੇ।
ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਯੋਜਨਾ ਤਹਿਤ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸਾਰੇ ਸ਼ਰਧਾਲੂਆਂ ਲਈ ਨਾਸ਼ਤਾ, ਚਾਹ, ਦੁਪਹਿਰ ਦਾ ਖਾਣਾ, ਹਾਈ ਟੀ ਅਤੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਬੱਸ ਦੇ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।




