Hoshairpur

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਲਏ ਕ੍ਰਾਂਤੀਕਾਰੀ ਫੈਸਲੇ: ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 2 ਅਪ੍ਰੈਲ ( ਹਰਪਾਲ ਲਾਡਾ ): ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ,ਫਲਾਹੀ ਵਿਖੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਫੈਸਲੇ ਲੈ ਰਹੀ ਹੈ ਜਿਸ ਨਾਲ ਸੂਬੇ ਦੇ ਬੱਚਿਆਂ ਨੂੰ ਸਿੱਖਿਆ ਦਿਵਾ ਕੇ ਜ਼ਿੰਦਗੀ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੇ ਕਾਬਲ ਬਣਾਇਆ ਜਾ ਸਕੇ।

ਪ੍ਰਿੰਸੀਪਲ ਰੰਜੂ ਦੁੱਗਲ, ਸਕੂਲ ਸਟਾਫ ਸਮੇਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਦੇ ਮਾਮਲੇ ਵਿਚ ਦੇਸ਼ ਵਿਚ ਪਹਿਲੇ ਸਥਾਨ ‘ਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਜਿਨ੍ਹਾਂ ਵੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦਿਆਂ ਵਿਦਿਆਰਥੀਆਂ ਨੂੰ ਮਨ-ਚਿਤ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਦਿਆਂ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ।

ਇਸ ਦੌਰਾਨ ਪ੍ਰਿੰਸੀਪਲ ਰੰਜੂ ਦੁੱਗਲ ਨੇ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਸਵਾਗਤ ਕਰਦਿਆਂ ਸਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਜਿਸ ਵਿਚ ਵਿਦਿਆਰਥੀਆਂ ਦੀ ਪੜ੍ਹਾਈ,ਖੇਡਾਂ,ਐਨ.ਸੀ.ਸੀ,ਸਕਾਊਟ ਗਾਈਡਜ,ਸਹਿ ਸਿੱਖਿਆ ਗਤੀਵਿਧੀਆਂ,ਪੀ.ਐਮ.ਸ੍ਰੀ ਫੰਡ ਵਿੱਚ ਕਰਵਾਈਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਵਿਦਿਆਲੇ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਖੁਸ਼ੀ ਜਾਹਿਰ ਕਰਦਿਆਂ ਖੁਦ ਐਮ.ਡੀ. ਡਿਗਰੀ ਲਈ ਪੜ੍ਹਾਈ ਕਰਦਿਆਂ ਐਮ.ਐਲ.ਏ ਦੀ ਚੋਣ ਜਿੱਤਣ ਅਤੇ ਫਿਰ ਪੜ੍ਹਾਈ ਪੂਰੀ ਕਰਕੇ ਆਪਣੀ ਕਾਮਯਾਬੀ ਬਾਰੇ ਵਿਦਿਆਰਥੀਆਂ ਨੂੰ ਜਦੋਂ ਦੱਸਿਆ ਤਾਂ ਪੰਡਾਲ ਤਾੜੀਆਂ ਨਾਲ ਗੂੰਜ ਉਠਿਆ।

ਉਨ੍ਹਾਂ ਨੇ ਮਨਸੂਈ ਬੁੱਧੀ (ਏ ਆਈ) ਦੇ‌ ਆਗਮਨ ਨਾਲ ਸਮਾਜ ਵਿਚ ਆਏ ਬਦਲਾਅ ਦੇ ਸਨਮੁੱਖ ਚੁਣੌਤੀਆਂ ਬਾਰੇ ਵਿਦਿਆਰਥੀਆਂ ਨੂੰ ਆਗਾਹ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਦਿਆਲੇ ਨੂੰ ਗੱਡੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਬਿਹਤਰੀ ਲਈ ਜੋ ਵੀ ਸਹਾਇਤਾ ਚਾਹੀਦੀ ਹੋਵੇ ਸਕੂਲ ਪ੍ਰਸ਼ਾਸਨ ਨੂੰ ਮੁਹੱਈਆ ਕੀਤੀ ਜਾਵੇਗੀ। ਵਿਦਿਆਲਿਆ ਵਲੋਂ ਡਾ. ਇਸ਼ਾਂਕ ਕੁਮਾਰ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦਿਆਲਿਆ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਸਟੇਜ ਦੀ ਕਾਰਵਾਈ ਸੁਰਿੰਦਰ ਕੁਮਾਰ ਅਤੇ ਰਜਿੰਦਰ ਸਿੰਘ ਗਿਆਨੀ ਨੇ ਬਾਖੂਬੀ ਨਿਭਾਈ। ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ,ਖਿਡਾਰੀਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪੇ, ਡਾ. ਜਸਪ੍ਰੀਤ ਕੌਰ, ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ, ਸਰਪੰਚ ਲਖਬੀਰ ਕੌਰ, ਸਰਪੰਚ ਸੀਤਲ ਸਿੰਘ ਚੀਮਾ ਤੋਂ ਇਲਾਵਾ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page