ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਰੈੱਡ ਕਰਾਸ ਟੀਮਾਂ ਨੇ ਚਲਾਈ ਜਾਗਰੂਕਤਾ ਮੁਹਿੰਮ


ਹੁਸ਼ਿਆਰਪੁਰ, 13 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਰੈੱਡ ਕਰਾਸ ਦੀਆਂ ਟੀਮਾਂ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਿਲਸਿਲੇ ਵਿੱਚ ਅੱਜ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੈੱਡ ਕਰਾਸ ਵਲੰਟੀਅਰਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਘਰ-ਘਰ ਜਾ ਕੇ ਸਰਵੇ ਕੀਤਾ। ਇਸ ਮੁਹਿੰਮ ਵਿੱਚ ਕਾਰਮਲਾਈਟ ਚੈਰੀਟੇਬਲ ਸੁਸਾਇਟੀ ਦੇ ਵਲੰਟੀਅਰਾਂ ਨੇ ਵੀ ਸਰਗਰਮ ਭੂਮਿਕਾ ਨਿਭਾਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਇਨ੍ਹਾਂ ਦੇ ਫੈਲਾਅ ਨੂੰ ਰੋਕਣਾ ਹੈ। ਸਰਵੇ ਦੌਰਾਨ ਟੀਮਾਂ ਨੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਹੋਣ ਵਾਲੇ ਬਰਤਨਾਂ, ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਕੰਟੇਨਰਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਵਿੱਚ ਜਮ੍ਹਾਂ ਪਾਣੀ ਨੂੰ ਖਾਲੀ ਕਰਵਾਇਆ। ਨਾਲ ਹੀ ਲੋਕਾਂ ਨੂੰ ਇਹ ਵੀ ਸਮਝਾਇਆ ਗਿਆ ਕਿ ਅਜਿਹੇ ਕੰਟੇਨਰਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਅਤੇ ਸੁੱਕਾ ਜ਼ਰੂਰ ਰੱਖਣ, ਤਾਂ ਜੋ ਏਡੀਜ਼ ਮੱਛਰ ਦੇ ਲਾਰਵਾ ਨੂੰ ਨਸ਼ਟ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹੀ ਮੱਛਰ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦਾ ਹੈ। ਇਸ ਲਈ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਟੀਮਾਂ ਵੱਲੋਂ ਲੋੜ ਵਾਲੇ ਇਲਾਕਿਆਂ ਵਿੱਚ ਲਾਰਵੀਸਾਈਡ ਸਪ੍ਰੇ ਵੀ ਕੀਤਾ ਗਿਆ ਤਾਂ ਜੋ ਮੱਛਰਾਂ ਦੇ ਪ੍ਰਜਨਨ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਤਾਂ ਜੋ ਇਨ੍ਹਾਂ ਮੌਸਮੀ ਬਿਮਾਰੀਆਂ ਤੋਂ ਬਚਾਅ ਯਕੀਨੀ ਬਣਾਇਆ ਜਾ ਸਕੇ।




