ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ

ਲੁਧਿਆਣਾ, 25 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ’ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਜੇਲ੍ਹ ਬੰਦੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ’ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ ।

ਇਸ ਮੌਕੇ ਹਿਮਾਂਸ਼ੂ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਮੈਡਮ ਪਵਲੀਨ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਅਤੇ ਲੀਗਲ ਏਡ ਡਿਫੈਂਸ ਕੌਂਸਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page