Hoshairpur

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ

ਹੁਸ਼ਿਆਰਪੁਰ, 20 ਜੂਨ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਬੰਧਤ ਨਗਰ ਨਿਗਮ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 22 ਜੂਨ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 22, 23 ਅਤੇ 24 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ, ਜਦਕਿ 25 ਜੂਨ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। 26 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ ਅਤੇ 27 ਜੂਨ ਨੂੰ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1,34,000 ਵੋਟਰ ਰਜਿਸਟਰਡ ਹਨ ਅਤੇ ਕੁੱਲ 139 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ 7 ਜੁਲਾਈ 2026 ਤੱਕ ਮੁਕੰਮਲ ਕਰ ਲਈ ਜਾਵੇਗੀ।

ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਿੰਗ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਰਾਹੀਂ ਕਰਵਾਈ ਜਾਵੇਗੀ। ਵੋਟਿੰਗ ਸੰਪੰਨ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਸਬੰਧਤ ਪੋਲਿੰਗ ਕੇਂਦਰਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ, ਜਿਸ ਨਾਲ ਚੋਣ ਨਤੀਜੇ ਜਲਦੀ ਐਲਾਨੇ ਜਾ ਸਕਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਅਧਿਸੂਚਨਾ ਦੇ ਨਾਲ ਹੀ ਨਗਰ ਨਿਗਮ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਸ ਦੇ ਪ੍ਰਬੰਧਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ, ਸੰਭਾਵੀ ਉਮੀਦਵਾਰਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਚੋਣਾਂ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button

You cannot copy content of this page