Hoshairpur

12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਲਏ ਜਾਣਗੇ ਦਾਅਵੇ ਅਤੇ ਇਤਰਾਜ

ਹੁਸ਼ਿਆਰਪੁਰ, 7 ਅਗਸਤ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇਥੇ ਜ਼ਿਲ੍ਹੇ ਦੇ ਸਮੂਹ ਚੋਣ ਅਮਲੇ, ਬੂਥ ਲੈਵਲ ਅਫ਼ਸਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਾਰਿਆਂ ਦੀ ਸਮਰਪਣ ਭਾਵਨਾ ਅਤੇ ਤਨਦੇਹੀ ਨਾਲ ਕੀਤੇ ਯਤਨਾਂ ਸਦਕਾ ਭਾਰਤ ਚੋਣ ਕਮਿਸ਼ਨ ਵਲੋਂ ਸ਼ੁਰੂ ਕਰਵਾਈ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਜ਼ਿਲ੍ਹੇ ਵਿਚ ਮਿਥੇ ਸਮੇਂ ਤੋਂ ਪਹਿਲਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਹੈ ਅਤੇ ਹੁਣ 13 ਅਗਸਤ ਨੂੰ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾਂ ਹੋਵੇਗੀ। ਉਨ੍ਹਾਂ ਦੱਸਿਆ ਕਿ .ਡਰਾਫ਼ਟ ਵੋਟਰ ਸੂਚੀ ਪ੍ਰਕਾਸ਼ਤ ਹੋਣ ਉਪਰੰਤ 12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਉਪਰੰਤ ਮਿਤੀ 8 ਅਕਤੂਬਰ 2026 ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਮਿਤ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਬੀ.ਐਲ.ਓਜ਼., ਬੀ.ਐਲ.ਏਜ਼ ਅਤੇ ਜ਼ਿਲ੍ਹਾ ਵਾਸੀਆਂ ਦੀ ਐਸ.ਆਈ.ਆਰ. ਦਾ ਕੰਮ ਨਿਰਧਾਰਤ ਸਮੇਂ ਤੋਂ ਪਹਿਲਾਂ 100 ਫੀਸਦੀ ਮੁਕੰਮਲ ਕਰਨ ਲਈ ਸ਼ਲਾਘਾ ਕੀਤੀ।

ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਵਿਚ ਕੀਤੀ ਗਿਣਤੀ ਫਾਰਮਾਂ ਦੀ ਵੰਡ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਜਿਸ ਵਿਚੋਂ 1169930 (92.22 ਫੀਸਦੀ) ਵੋਟਰਾਂ ਦੇ ਫਾਰਮ ਦਸਤੀ ਅਤੇ 1487 (0.12 ਫੀਸਦੀ) ਆਨਲਾਈਨ ਭਰਨ ਉਪਰੰਤ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਵਿਚ 15265 ਵੋਟਰ ਗੈਰ-ਹਾਜਰ, 48512 ਪੱਕੇ ਤੌਰ ‘ਤੇ ਸਥਾਨ ਛੱਡ ਚੁੱਕੇ, 28475 ਮ੍ਰਿਤਕ ਪਾਏ ਗਏ ਜਦਕਿ 306 ਹੋਰਨਾਂ ਦਾ ਡਾਟਾ ਇਕੱਤਰ ਨਹੀਂ ਹੋ ਸਕਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀਆਂ ਸੂਚੀਆਂ ਬੂਥ ਲੈਵਲ ਅਫ਼ਸਰਾਂ ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟਾਂ ਨੂੰ ਜਾਣਕਾਰੀ ਲਈ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇਤਰਾਜ ਦੀ ਪ੍ਰਕਿਰਿਆ ਵਿਚ ਵੀ ਸਰਗਰਮ ਭੂਮਿਕਾ ਨਿਭਾਈ ਜਾਵੇ ਤਾਂ ਜੋ ਲੋਕਤੰਤਰੀ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button

You cannot copy content of this page