ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਚੁੱਕੇ ਵੱਡੇ ਕਦਮ: ਡਾ. ਰਵਜੋਤ ਸਿੰਘ


ਹੁਸ਼ਿਆਰਪੁਰ, 14 ਸਤੰਬਰ ( ਹਰਪਾਲ ਲਾਡਾ ): ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵੱਡੇ ਕਦਮ ਚੁੱਕੇ ਹਨ ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ।
ਨੇੜਲੇ ਪਿੰਡ ਭੀਖੋਵਾਲ ਵਿਖੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਨਸ਼ਾ ਮੁਕਤੀ ਮੋਰਚਾ ਦੇ ਆਗੂਆਂ ਅਤੇ ਇਲਾਕੇ ਦੇ ਮੋਹਤਬਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਹੁਤ ਹੀ ਅਸਰਦਾਰ ਢੰਗ ਨਾਲ ਚੱਲ ਰਹੀ ਹੈ ਅਤੇ ਪਿਛਲੇ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਜਾਲ ਵਿੱਚ ਫਸ ਚੁੱਕੇ ਵੱਡੀ ਗਿਣਤੀ ਨੌਜਵਾਨਾਂ ਦਾ ਸਿਹਤ ਵਿਭਾਗ ਵੱਲੋਂ ਇਲਾਜ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਨਸ਼ਾ ਬਹੁਤ ਤੇਜੀ ਨਾਲ ਵਧਿਆ ਪਰ ਜਦੋਂ ਦੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਇਸ ਅਲਾਮਤ ਨੂੰ ਠੱਲ ਪਾਉਣ ਲਈ ਸੁਚੱਜੇ ਕਦਮ ਚੁੱਕੇ ਗਏ ਅਤੇ ਨਸ਼ਿਆਂ ਖਿਲਾਫ ਛੇੜੀ ਗਈ ਜੰਗ ਵਿੱਚ ਅੱਜ ਸਮਾਜ ਦਾ ਹਰ ਵਰਗ ਸਰਕਾਰ ਅਤੇ ਪੁਲਿਸ ਦਾ ਸਾਥ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੀਆਂ ਟੀਮਾਂ ਜ਼ਮੀਨੀ ਪੱਧਰ ’ਤੇ ਨਸ਼ਿਆਂ ਖਿਲਾਫ ਡਟਕੇ ਕੰਮ ਕਰ ਰਹੀਆਂ ਹਨ ਜਿਨ੍ਹਾਂ ਨੂੰ ਆਮ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕਰਦੇ ਹੋਏ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਸੂਬੇ ਦਾ ਵਿਕਾਸ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਉੱਥੇ ਹੀ ਨਸ਼ਿਆਂ ਦੀ ਚੱਲੀ ਆ ਰਹੀ ਪ੍ਰਣਾਲੀ ਦਾ ਵੀ ਲੱਕ ਤੋੜ ਦਿੱਤਾ ਹੈ ਅਤੇ ਨਸ਼ਾ ਵਿਰੋਧੀ ਮੁਹਿੰਮ ਆਉਣ ਵਾਲੇ ਸਮੇਂ ਦੌਰਾਨ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਮੌਕੇ ਡੀ.ਐੱਸ.ਪੀ.ਨਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਖਿਲਾਫ ਲਗਾਤਾਰ ਵੱਡੇ ਪੱਧਰ ‘ਤੇ ਕੰਮ ਕਰਦੀ ਹੋਈ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਢੁੱਕਵੀਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਸੈਂਚਾ, ਹਲਕਾ ਸ਼ਾਮਚੁਰਾਸੀ ਮਹਿਲਾ ਵਿੰਗ ਦੀ ਇੰਚਾਰਜ ਰਜਵੰਤ ਕੌਰ, ਕੁਲਵਿੰਦਰ ਕੌਰ, ਬਲਾਕ ਕੋਆਰਡੀਨੇਟਰ ਸੁਖਵਿੰਦਰ ਸਿੰਘ ਸਰਹਾਲਾ, ਸੁਨੀਲ ਕੁਮਾਰ, ਰਣਵੀਰ ਸਿੰਘ, ਰਾਮ ਗੋਪਾਲ, ਆਸ਼ਾ ਰਾਣੀ, ਰੋਹਿਤ ਦੱਤਾ, ਮਨਜਿੰਦਰ ਸਿੰਘ ਆਦਿ ਵੀ ਹਾਜਰ ਸਨ।




