Amritsar

ਵਿਧਾਇਕਾ ਜੀਵਨ ਜੋਤ ਕੌਰ ਨੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਨੂੰ ਦੱਸੇ ‘ਮਾਨ ਸਰਕਾਰ ਦੇ ਮੁਨਾਫ਼ੇ’

ਅੰਮ੍ਰਿਤਸਰ, 22 ਸਤੰਬਰ: ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਪਹੁੰਚ ਕੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਪਰਿਵਾਰਾਂ ਨੂੰ ਸਿੱਧਾ ਆਰਥਿਕ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਤਹਿਤ ਇੱਕ ਆਮ ਪੰਜਾਬੀ ਪਰਿਵਾਰ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਰਾਹੀਂ ਸਾਲਾਨਾ ਲਾਭ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 1,000 ਅਤੇ 1,500 ਰੁਪਏ, ਬਿਜਲੀ ਦੇ ਬਿੱਲਾਂ ਵਿੱਚ ਰਾਹਤ, ਬੱਚਿਆਂ ਲਈ ਮੁਫ਼ਤ ਸਿੱਖਿਆ, ਸਰਕਾਰੀ ਸਕੂਲਾਂ ਵਿੱਚ ਫੀਸਾਂ, ਕਿਤਾਬਾਂ ਅਤੇ ਵਰਦੀਆਂ ਦੀ ਸਹੂਲਤ, ਮੁਫ਼ਤ ਰਾਸ਼ਨ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਅਤੇ ਦਵਾਈਆਂ ਅਤੇ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਮੁਫ਼ਤ ਤੀਰਥ ਯਾਤਰਾ ਵਰਗੀਆਂ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਨੂੰ ਇਨ੍ਹਾਂ ਲਾਭਾਂ ਦੀ ਸਾਲਾਨਾ ਕੀਮਤ ਕਰੀਬ 1.82 ਲੱਖ ਰੁਪਏ ਬਣਦੀ ਹੈ।

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਇਸ ਤੋਂ ਇਲਾਵਾ ਖੇਤਾਂ ਵਿੱਚ ਮੋਟਰਾਂ ਲਈ ਮੁਫ਼ਤ ਬਿਜਲੀ, ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਆਸ਼ੀਰਵਾਦ ਯੋਜਨਾ ਤਹਿਤ ਵਿੱਤੀ ਸਹਾਇਤਾ ਸਮੇਤ ਹੋਰ ਸਹੂਲਤਾਂ ਵੀ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਵੀ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਮਕਸਦ ਆਮ ਲੋਕਾਂ ਦੇ ਘਰੇਲੂ ਖਰਚੇ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਸਿੱਖਿਆ, ਸਿਹਤ, ਬਿਜਲੀ, ਰਾਸ਼ਨ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕ ਦੀਆਂ ਸਰਕਾਰੀ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ।

Related Articles

Leave a Reply

Your email address will not be published. Required fields are marked *

Back to top button

You cannot copy content of this page