ਪੰਜਾਬ

ਹੁਣ ਫਗਵਾੜਾ ਅਤੇ ਹੁਸ਼ਿਆਰਪੁਰ ਦੀਆਂ ਸਾਰੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕਰੇਗਾ ਪੰਜਾਬ ਮੰਡੀ ਬੋਰਡ

ਫਗਵਾੜਾ, 22 ਸਤੰਬਰ: ਫਗਵਾੜਾ ਅਤੇ ਹੁਸ਼ਿਆਰਪੁਰ ਮਾਰਕੀਟ ਕਮੇਟੀਆਂ ਅਧੀਨ ਆਉਂਦੇ ਪੇਂਡੂ ਸੜਕੀ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ, ਇਨ੍ਹਾਂ ਇਲਾਕਿਆਂ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਆਧੁਨਿਕੀਕਰਨ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾਵੇਗਾ।

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਖੇਤਰ ਵਿੱਚ ਸੜਕੀ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੇ ਇੰਜੀਨੀਅਰਿੰਗ ਕੰਮ ਪੰਜਾਬ ਮੰਡੀ ਬੋਰਡ ਨੂੰ ਸੌਂਪਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੜਕਾਂ ਲੋਕ ਨਿਰਮਾਣ ਵਿਭਾਗ ਵੱਲੋਂ ਦੇਖੀਆਂ ਜਾਂਦੀਆਂ ਸਨ। ਹੁਣ ਮੰਡੀ ਬੋਰਡ ਦੇ ਜ਼ਿੰਮੇ ਆਉਣ ਨਾਲ ਇਨ੍ਹਾਂ ਪ੍ਰੋਜੈਕਟਾਂ ਦੀ ਰੂਪ-ਰੇਖਾ ਤਿਆਰ ਕਰਨ, ਮਨਜ਼ੂਰੀ ਦੇਣ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਬਹੁਤ ਤੇਜ਼ ਅਤੇ ਆਸਾਨ ਹੋ ਜਾਵੇਗੀ।

ਡਾ. ਚੱਬੇਵਾਲ ਨੇ ਕਿਹਾ ਕਿ ਇਸ ਬਦਲਾਅ ਨਾਲ ਪ੍ਰਸਤਾਵ ਜਲਦ ਤਿਆਰ ਹੋਣਗੇ, ਸਮੇਂ ਸਿਰ ਮਨਜ਼ੂਰੀਆਂ ਮਿਲਣਗੀਆਂ, ਟੈਂਡਰਾਂ ਦੀ ਪ੍ਰਕਿਰਿਆ ਜਲਦੀ ਨੇਪਰੇ ਚੜ੍ਹੇਗੀ ਅਤੇ ਫੀਲਡ ਵਿੱਚ ਕੰਮ ਛੇਤੀ ਸ਼ੁਰੂ ਹੋ ਸਕੇਗਾ। ਇਸ ਨਾਲ ਪੇਂਡੂ ਇਲਾਕਿਆਂ ਵਿੱਚ ਸੜਕੀ ਨੈੱਟਵਰਕ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਵਧੀਆ ਸੜਕਾਂ ਜਿੱਥੇ ਆਉਣ ਵਾਲਿਆਂ ਲਈ ਸਫ਼ਰ ਸੌਖਾ ਬਣਾਉਂਦੀਆਂ ਹਨ, ਉੱਥੇ ਹੀ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਿੱਚ ਵੀ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਧੀਆ ਸੜਕਾਂ ਹੋਣ ਨਾਲ ਜਿੱਥੇ ਕਨੈਕਟੀਵਿਟੀ ਸੁਧਰੇਗੀ, ਉੱਥੇ ਹੀ ਪਿੰਡਾਂ ਵਿੱਚ ਆਰਥਿਕ ਗਤੀਵਿਧੀਆਂ ਵਧਣਗੀਆਂ ਅਤੇ ਲੋਕਾਂ ਦਾ ਜੀਵਨ ਪੱਧਰ ਵੀ ਉੱਚਾ ਉੱਠੇਗਾ।

ਡਾ. ਚੱਬੇਵਾਲ ਨੇ ਭਰੋਸਾ ਪ੍ਰਗਟਾਇਆ ਕਿ ਇਸ ਨਵੇਂ ਕਦਮ ਨਾਲ ਸੜਕਾਂ ਦੀ ਹਾਲਤ ਵਿੱਚ ਜਲਦੀ ਹੀ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਸੌਖ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ ਤਾਂ ਜੋ ਵਿਕਾਸ ਦਾ ਲاਭ ਹਰ ਤੱਕ ਪਹੁੰਚ ਸਕੇ।

Related Articles

Leave a Reply

Your email address will not be published. Required fields are marked *

Back to top button

You cannot copy content of this page