ਦੁਸਹਿਰੇ ਦੀਆਂ ਤਿਆਰੀਆਂ ‘ਚ ਨਾ ਰਹੇ ਕੋਈ ਕਮੀ: ਬ੍ਰਮ ਸ਼ੰਕਰ ਜਿੰਪਾ


ਹੁਸ਼ਿਆਰਪੁਰ, 10 ਅਕਤੂਬਰ: ਹੁਸ਼ਿਆਰਪੁਰ ਦੇ ਦਸਹਿਰਾ ਗਰਾਊਂਡ ਵਿੱਚ ਸ਼੍ਰੀ ਰਾਮਲੀਲਾ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਦੁਸਹਿਰਾ ਗਰਾਊਂਡ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੁਸਹਿਰਾ ਉਤਸਵ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼੍ਰੀ ਰਾਮਲੀਲਾ ਕਮੇਟੀ ਦੇ ਅਹੁਦੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਦੁਸਹਿਰਾ ਲੋਕਾਂ ਦੀ ਧਾਰਮਿਕ ਆਸਥਾ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੁੜਿਆ ਇੱਕ ਮਹੱਤਵਪੂਰਨ ਤਿਉਹਾਰ ਹੈ। ਹੁਸ਼ਿਆਰਪੁਰ ਦੇ ਦੁਸਹਿਰੇ ਦੀ ਆਪਣੀ ਵਿਸ਼ੇਸ਼ ਪਛਾਣ ਹੈ ਅਤੇ ਇਹ ਕੁਲੂ ਦੇ ਦੁਸਹਿਰੇ ਤੋਂ ਬਾਅਦ ਵੱਡੇ ਪੱਧਰ ’ਤੇ ਮਨਾਏ ਜਾਣ ਵਾਲੇ ਉਤਸਵਾਂ ਵਿੱਚ ਸ਼ਾਮਲ ਹੈ। ਇਲਾਕੇ ਦੇ ਲੋਕ ਇਸ ਤਿਉਹਾਰ ਨੂੰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਉਂਦੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਰਹਿੰਦੀ ਹੈ।

ਵਿਧਾਇਕ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਸਹਿਰਾ ਉਤਸਵ ਦੇ ਸਫ਼ਲ ਆਯੋਜਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਸਫ਼ਾਈ, ਆਵਾਜਾਈ ਪ੍ਰਬੰਧ, ਪਾਰਕਿੰਗ, ਸੁਰੱਖਿਆ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਤਿਆਰੀਆਂ ਵਿੱਚ ਕਿਸੇ ਵੀ ਪੱਧਰ ’ਤੇ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਦੁਸਹਿਰਾ ਉਤਸਵ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਦੇ ਨਿਯੰਤਰਣ, ਭੀੜ ਪ੍ਰਬੰਧਨ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਲਈ ਢੁਕਵੀਂ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਮਾਗਮ ਤੋਂ ਪਹਿਲਾਂ ਪ੍ਰਬੰਧਾਂ ਦੀ ਸਮੀਖਿਆ ਯਕੀਨੀ ਬਣਾਉਣ, ਤਾਂ ਜੋ ਉਤਸਵ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਸਕੇ।

ਮੀਟਿੰਗ ਵਿੱਚ ਮੇਅਰ ਪ੍ਰਵੀਨ ਸੈਣੀ, ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੁੱਧ, ਸ਼੍ਰੀ ਰਾਮਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਸਮੇਤ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।




