Hoshairpur

ਤੀਜੀ ਵਾਰ ਟਿਕਟ ਮਿਲਣ ’ਤੇ ਰੌੜੀ ਵਲੋਂ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ, ਵਰਕਰਾਂ ਸਮੇਤ ਕੱਢਿਆ ਪੈਦਲ ਮਾਰਚ

ਗੜ੍ਹਸ਼ੰਕਰ/ਹੁਸ਼ਿਆਰਪੁਰ ( ਹਰਪਾਲ ਲਾਡਾ ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਗੜ੍ਹਸ਼ੰਕਰ ਤੋਂ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਲੋਕ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸ. ਰੌੜੀ ਵੱਲੋਂ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਪਿਆਰ, ਸਹਿਯੋਗ ਤੇ ਅਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸ. ਰੌੜੀ ਅੱਡਾ ਝੁੰਗੀਆਂ ਵਿਖੇ ਸਥਿਤ ਮਾਤਾ ਸ਼ੀਤਲਾ ਦੇਵੀ ਮੰਦਰ ਵਿਖੇ ਨਤਮਸਤਕ ਹੋਏ।

ਉਨ੍ਹਾਂ ਨੇ ਮਾਤਾ ਰਾਣੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਹਲਕਾ ਗੜ੍ਹਸ਼ੰਕਰ ਦੀ ਤਰੱਕੀ, ਖੁਸ਼ਹਾਲੀ, ਆਪਸੀ ਭਾਈਚਾਰਕ ਸਾਂਝ ਅਤੇ ਸਮੁੱਚੇ ਇਲਾਕੇ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਆਸ਼ੀਰਵਾਦ ਸਦਕਾ ਹੀ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਹਲਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪਾਰਟੀ ਵੱਲੋਂ ਮੁੜ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ।ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਉਪਰੰਤ ਸ. ਰੌੜੀ ਨੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਅੱਡਾ ਝੁੰਗੀਆਂ ਵਿਖੇ ਪੈਦਲ ਮਾਰਚ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਬਾਜ਼ਾਰ ਵਿੱਚ ਸਥਿਤ ਦੁਕਾਨਾਂ ’ਤੇ ਜਾ ਕੇ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਦਾ ਹਾਲ-ਚਾਲ ਜਾਣਿਆ ਅਤੇ ਪਾਰਟੀ ਵੱਲੋਂ ਤੀਜੀ ਵਾਰ ਉਮੀਦਵਾਰ ਬਣਾਏ ਜਾਣ ’ਤੇ ਮਿਲ ਰਹੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ।ਪੈਦਲ ਮਾਰਚ ਦੌਰਾਨ ਸਥਾਨਕ ਲੋਕਾਂ ਵੱਲੋਂ ਸ. ਰੌੜੀ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਕਈ ਥਾਵਾਂ ’ਤੇ ਲੋਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਆਪਣੀਆਂ ਸਮੱਸਿਆਵਾਂ, ਇਲਾਕੇ ਦੀਆਂ ਲੋੜਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ।

ਸ. ਰੌੜੀ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਸ. ਰੌੜੀ ਨੇ ਕਿਹਾ ਕਿ ਕਿਸੇ ਵੀ ਜਨਤਕ ਨੁਮਾਇੰਦੇ ਲਈ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਸਤਿਕਾਰ ਸਭ ਤੋਂ ਵੱਡੀ ਪੂੰਜੀ ਹੁੰਦਾ ਹੈ। ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਲਗਾਤਾਰ ਤੀਜੀ ਵਾਰ ਹਲਕਾ ਗੜ੍ਹਸ਼ੰਕਰ ਦੀ ਸੇਵਾ ਲਈ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਦੇ ਮੋਢਿਆਂ ’ਤੇ ਹੋਰ ਵੱਡੀ ਜ਼ਿੰਮੇਵਾਰੀ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਭਰੋਸੇ ’ਤੇ ਖਰਾ ਉਤਰਨ ਲਈ ਪਹਿਲਾਂ ਦੀ ਤਰ੍ਹਾਂ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਆਪਣੇ ਪਰਿਵਾਰ ਦੇ ਮੈਂਬਰ ਵਾਂਗ ਪਿਆਰ ਅਤੇ ਸਤਿਕਾਰ ਦਿੱਤਾ ਹੈ। ਲੋਕਾਂ ਵੱਲੋਂ ਮਿਲ ਰਿਹਾ ਇਹ ਸਹਿਯੋਗ ਹੀ ਉਨ੍ਹਾਂ ਨੂੰ ਹੋਰ ਵਧੇਰੇ ਉਤਸ਼ਾਹ ਅਤੇ ਤਾਕਤ ਦਿੰਦਾ ਹੈ। ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਉਹ ਸਿਰਫ਼ ਚੋਣਾਂ ਦੌਰਾਨ ਹੀ ਨਹੀਂ, ਸਗੋਂ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਰ ਵਰਗ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।ਸ. ਰੌੜੀ ਨੇ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਵਲੰਟੀਅਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਮਿਹਨਤੀ ਵਰਕਰ ਹੁੰਦੇ ਹਨ।

ਵਰਕਰਾਂ ਦੀ ਮਿਹਨਤ, ਸਮਰਪਣ, ਆਪਸੀ ਤਾਲਮੇਲ ਅਤੇ ਲੋਕਾਂ ਨਾਲ ਨਿਰੰਤਰ ਜੁੜਾਅ ਸਦਕਾ ਹੀ ਪਾਰਟੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੇ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਅਤੇ ਲੋਕਾਂ ਦੀ ਸੇਵਾ ਲਈ ਕੰਮ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਵਿਕਾਸ ਕਾਰਜਾਂ ਵਿੱਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਲੋਕ ਸੰਪਰਕ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ, ਤਾਂ ਜੋ ਹਲਕੇ ਦੇ ਹਰ ਵਰਗ ਅਤੇ ਹਰ ਖੇਤਰ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਸਮਝਿਆ ਜਾ ਸਕੇ।ਇਸ ਮੌਕੇ ਹਲਕਾ ਗੜ੍ਹਸ਼ੰਕਰ ਦੇ ਸੰਗਠਨ ਇੰਚਾਰਜ ਸ. ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਬਲਦੀਪ ਸਿੰਘ ਸੈਣੀ, ਯੂਥ ਪ੍ਰਧਾਨ ਪ੍ਰਿੰਸ ਚੌਧਰੀ, ਸਮੂਹ ਬਲਾਕ ਪ੍ਰਧਾਨ, ਸੋਸ਼ਲ ਮੀਡੀਆ ਟੀਮ ਦੇ ਮੈਂਬਰ, ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਵਲੰਟੀਅਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page