ਹੁਸ਼ਿਆਰਪਰ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ
ਹੁਸ਼ਿਆਰਪੁਰ, 25 ਅਪ੍ਰੈਲ: ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਬੀਤੀ ਸ਼ਾਮ ਤੱਕ 119889 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 35893 ਮੀਟ੍ਰਿਕ ਟਨ, ਮਾਰਕਫੈਡ ਵਲੋਂ 28564, ਪਨਸਪ ਵਲੋਂ 25755, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 16499, ਐਫ.ਸੀ.ਆਈ. ਵਲੋਂ 11046 ਅਤੇ ਵਪਾਰੀਆਂ ਵਲੋਂ 2132 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਲਈ ਕਿਸਾਨਾਂ ਨੂੰ 148.69 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 94 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਅਧਿਕਾਰੀਆਂ ਨੂੰ ਂ ਕਣਕ ਦੀ ਨਾਲੋ-ਨਾਲ ਲਿਫਟਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਫੋਟੋ ਕੈਪਸ਼ਨ: ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਦ੍ਰਿਸ਼।