ਜ਼ਿਲ੍ਹੇ ਵਿੱਚ ਕਣਕ ਦੀ ਲਿਫਟਿੰਗ ‘ਚ ਆਈ ਤੇਜ਼ੀ, ਹੁਣ ਤੱਕ 58679 ਮੀਟ੍ਰਿਕ ਟਨ ਕਣਕ ਦੀ ਹੋਈ ਲਿਫਟਿੰਗ
ਹੁਸ਼ਿਆਰਪੁਰ, 26 ਅਪ੍ਰੈਲ: ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 141983 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 141721 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਲਈ ਕਿਸਾਨਾਂ ਨੂੰ 192.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 95 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਅਧਿਕਾਰੀਆਂ ਨੂੰ ਕਣਕ ਦੀ ਨਾਲੋ-ਨਾਲ ਲਿਫਟਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 58679 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਔਸਤਨ ਰੋਜ਼ਾਨਾ 10 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਦੀ ਲਿਫਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 41820 ਮੀਟ੍ਰਿਕ ਟਨ, ਮਾਰਕਫੈਡ ਵਲੋਂ 33518, ਪਨਸਪ ਵਲੋਂ 31338, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 19634, ਐਫ.ਸੀ.ਆਈ. ਵਲੋਂ 12927 ਅਤੇ ਵਪਾਰੀਆਂ ਵਲੋਂ 2484 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਫੋਟੋ ਕੈਪਸ਼ਨ: ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖਰੀਦ ਦੇ ਚੱਲ ਰਹੇ ਕੰਮ ਦਾ ਦ੍ਰਿਸ਼।