ਕੈਬਨਿਟ ਮੰਤਰੀ ਨੇ ਵਾਰਡ ਨੰ: 9 ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਬਣਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 05 ਜੂਨ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ, ਜਿਸ ਲਈ ਸੂਬੇ ’ਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਹ ਅੱਜ ਵਾਰਡ ਨੰ: 9 ਦੇ ਅਜੀਤ ਨਗਰ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਰਫ਼ ਇੱਕ ਸਾਲ ਵਿੱਚ ਹੀ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ 32 ਟਿਊਬਵੈਲਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਪਿੰਡ ਬਜਵਾੜਾ ਭੱਠੇ ਨਜਦੀਕ ਟੁੱਟੀ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਕਰੀਬ 3 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਇੱਕ ਹਿੱਸੇ ਦੀ ਮੁਰੰਮਤ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਛੋਟੀ ਵੱਡੀ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰ ਰਹੀ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਰਾਜੀਵ ਸੈਣੀ, ਐਕਸੀਅਨ ਵਾਟਰ ਸਪਲਾਈ ਸਿਮਰਨਜੀਤ ਸਿੰਘ, ਏ.ਈ ਅਰਵਿੰਦ ਸੈਣੀ, ਕੌਂਸਲਰ ਬਖਸ਼ੀਸ਼ ਕੌਰ, ਮੁਖੀ ਰਾਮ, ਜਸਪਾਲ ਸਿੰਘ ਚੇਚੀ, ਜਸਵੰਤ ਰਾਏ, ਬਿੱਟੂ ਸ਼ਰਮਾ, ਜਗੀਰ ਸਿੰਘ, ਹਰਿੰਦਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।