ਆਪ ਦੀ ਸਰਕਾਰ ਆਪ ਦੇ ਦੁਆਰਾ’ ਕੈਬਨਿਟ ਮੰਤਰੀ ਜਿੰਪਾ ਨੇ ਮਾਨਵਤਾ ਮੰਦਰ ਅਤੇ ਪਿੰਡ ਢੋਲਣਵਾਲ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 9 ਫਰਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰਾ’ ਤਹਿਤ ਲਗਾਏ ਗਏ ਕੈਂਪਾਂ ਸਬੰਧੀ ਅੱਜ ਹੁਸ਼ਿਆਰਪੁਰ ਦੇ ਵਾਰਡ ਨੰਬਰ 32, 33 ਅਤੇ 42 ਲਈ ਮਾਨਵਤਾ ਮੰਦਰ ਅਤੇ ਪਿੰਡ ਢੋਲਣਵਾਲ ਦੀ ਧਰਮਸ਼ਾਲਾ ਵਿਚ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਿਚ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਵੀ ਧਿਆਨ ਨਾਲ ਸੁਣਦੇ ਹੋਏ ਉਨ੍ਹਾਂ ਦਾ ਹੱਲ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਐਡਵੋਕੇਟ ਅਮਰਜੋਤ ਸੈਣੀ, ਵਰਿੰਦਰ ਵੈਦ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਨੇ ਆਮ ਲੋਕਾਂ ਦੀ ਸਾਰ ਨਹੀਂ ਲਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਯੋਜਨਾਵਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਪੰਜਾਬ ਸਰਕਾਰ ਵਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਕੈਂਪ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ।