ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਬਟਾਲਾ ਵਿਖੇ ਪਹੁੰਚਣ ’ਤੇ ਸ਼ਾਨਦਾਰ ਤੇ ਭਰਵਾਂ ਸਵਾਗਤ
ਬਟਾਲਾ, 13 ਫਰਵਰੀ : ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਝਾਕੀਆਂ ਦਾ ਅੱਜ ਬਟਾਲਾ ਵਿਖੇ ਪੁੱਜਣ ’ਤੇ ਸ਼ਾਨਦਾਰ ਤੇ ਭਰਵਾਂ ਸਵਾਗਤ ਕੀਤਾ ਗਿਆ। ਬਟਾਲਾ-ਗੁਰਦਾਸਪੁਰ ਬਾਈਪਾਸ ਨੇੜੇ ਉਸਮਾਨਪੁਰ ਸਿਟੀ ਵਿਖੇ ਤਹਿਸੀਲਦਾਰ ਅਭਿਸ਼ੇਕ ਵਰਮਾ, ਬੀਡੀਪੀਓ ਪਰਮਜੀਤ ਕੋਰ ਅਤੇ ਅੰਮ੍ਰਿਤ ਕਲਸੀ ਤੇ ਤਰੁਣ ਕਲਸੀ ਵੱਲੋਂ ਆਪਣੇ ਸਾਥੀਆਂ ਦੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਹੁੰਚ ਕੇ ਝਾਕੀਆਂ ਦੇ ਦਰਸ਼ਨ ਕੀਤੇ।
ਇਸ ਮੌਕੇ ਵਿਸ਼ੇਸ ਗੱਲਬਾਤ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੂਬਰੂ ਕਰਨ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉੁਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਇਹ ਸ਼ਾਨਦਾਰ ਝਾਕੀਆਂ, ਜਿਨ੍ਹਾਂ ਨੂੰ ਦਿੱਲੀ ਵਿਖੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਅਮੀਰ ਸਭਿਆਚਾਰ, ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ।
ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਅਤੇ ਰਾਹ ਜਾਂਦੇ ਲੋਕਾਂ ਨੇ ਝਾਕੀਆਂ ਨਾਲ ਤਸਵੀਰਾਂ ਅਤੇ ਸੈਲਫੀਆਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ। ਇਸ ਮੌਕੇ ਵਿਦਿਆਰਥੀਆਂ ਅਤੇ ਲੋਕਾਂ ਲਈ ਲੰਗਰ ਅਤੇ ਚਾਹ ਦਾ ਪ੍ਰਬੰਧ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਇਹ ਝਾਕੀਆਂ ਪਟਿਆਲਾ ਅਤੇ ਲੁਧਿਆਣਾ ਵਿਖੇ ਹੋਏ ਗਣਤੰਤਰ ਦਿਵਸ ਸਮਾਗਮਾਂ ਵਿਚ ਪ੍ਰਦਰਸ਼ਿਤ ਕਰਨ ਉਪਰੰਤ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਹੁੰਦੀਆਂ ਹੋਈਆਂ ਪਠਾਨਕੋਟ ਜ਼ਿਲ੍ਹੇ ਰਾਹੀਂ ਬੀਤੇ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੀ ਹੱਦ ਵਿਚ ਦਾਖਲ ਹੋਈਆਂ ਸਨ ਅਤੇ ਅੱਜ ਬਟਾਲਾ ਵਿਖੇ ਪਹੁੰਚੀਆਂ ਸਨ। ਬਟਾਲਾ ਤੋਂ ਬਾਅਦ ਇਹ ਝਾਕੀਆਂ ਆਪਣੇ ਅਗਲੇ ਪੜਾਅ ਲਈ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਸਿਟੀ ਪ੍ਰਧਾਨ ਅਤੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਤੁਲੀ, ਪੰਜਾਬ ਪ੍ਰਧਾਨ ਸਵਰਨਕਾਰ ਸੰਘ ਯਸ਼ਪਾਲ ਚੌਹਾਨ, ਜ਼ਿਲੇ ਦੇ ਸੀਨੀਅਰ ਮੀਤ ਪ੍ਰਧਾਨ ਮੈਨੇਜਰ ਅਤਰ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਹਰਪਾਲ ਸਿੰਘ ਮੂਲਿਆਂਵਾਲ, ਅਵਤਾਰ ਸਿੰਘ ਕਲਸੀ ਜ਼ਿਲ੍ਹਾ ਵਾਈਸ ਪ੍ਰਧਾਨ ਬੀਸੀ ਵਿੰਗ, ਮੰਗਲਜੀਤ ਸਿੰਘ ਸਰਪੰਚ ਅਠਵਾਲ, ਧਰਮ ਸਿੰਘ ਬੋਪਾਰਾਏ, ਦਰਸ਼ਨ ਸਿੰਘ ਕਾਹਲੋਂ, ਮਨਜੀਤ ਸਿੰਘ ਬੁਮਰਾਹ, ਦਿਨੇਸ਼ ਖੋਸਲਾ, ਮੇਜਰ ਸਿੰਘ, ਸਰਵਣ ਸਿੰਘ, ਬਲਬੀਰ ਸਿੰਘ, ਜਤਿੰਦਰ ਸਿੰਘ ਸਰਪੰਚ, ਦਵਿੰਦਰ ਸਿੰਘ, ਪਵਨ ਕੁਮਾਰ, ਗਗਨ ਬਟਾਲਾ ਅਤੇ ਕਾਕਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੋਜੂਦ ਸਨ।