ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ ਜਮ੍ਹਾ ਕਰਵਾਉਣ ਯੋਗ ਪ੍ਰਾਰਥੀ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ 19 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਵਿਚ ਵੋਟ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਯੋਗ ਪ੍ਰਾਰਥੀ ਵੋਟ ਬਣਾਉਣ ਲਈ ਦਫ਼ਤਰੀ ਸਮੇਂ ਦੌਰਾਨ ਆਪਣੇ ਸਬੰਧਤ ਪਟਵਾਰੀ ਜਾਂ ਤਹਿਸੀਲ ਵਿਚ ਸੰਪਰਕ ਕਰਕੇ ਵੋਟ ਬਣਾਉਣ ਲਈ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ ਸ਼ਹਿਰੀ ਖੇਤਰ ਦੇ ਯੋਗ ਪ੍ਰਾਰਥੀ ਨਗਰ ਨਿਗਮ ਜਾਂ ਨਗਰ ਕੌਂਸਲ ਵਿਚ ਵੋਟ ਬਣਾਉਣ ਲਈ ਬਿਨੈ ਪੱਤਰ ਦੇ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਯੋਗ ਪ੍ਰਾਰਥੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਆਪਣੇ ਹਲਕੇ ਵਿਚ ਲੱਗਣ ਵਾਲੇ ਕੈਂਪਾਂ ਦੌਰਾਨ ਵੀ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ ਜਮ੍ਹਾ ਕਰਵਾ ਸਕਦੇ ਹਨ।