‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਚੌਥੀ ਬੱਸ ਕੀਤੀ ਰਵਾਨਾ
ਕਾਦੀਆਂ (ਬਟਾਲਾ) , 20 ਫਰਵਰੀ (ਲੱਕੀ ): ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕਾਦੀਆਂ ਸ਼ਹਿਰ ਤੋਂ ਸ਼ਰਧਾਲੂਆਂ ਦੀ ਚੌਥੀ ਬੱਸ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ, ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਮਾਤਾ ਨੈਨਾ ਦੇਵੀ ਜੀ, ਸ੍ਰੀ ਮਾਤਾ ਚਿੰਤਪੁਰਨੀ ਜੀ ਅਤੇ ਸ੍ਰੀ ਮਾਤਾ ਜਵਾਲਾ ਜੀ ਦੇ ਦਰਸ਼ਨਾ ਲਈ ਰਵਾਨਾ ਕੀਤੀ। ਇਸ ਮੌਕੇ ਯਾਤਰੀਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਬੰਧੀ ਗੱਲਬਾਤ ਦੌਰਾਨ ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਰਧਾਲੂਆਂ ਦਾ ਮੈਡੀਕਲ ਚੈੱਕਅੱਪ ਵੀ ਕੀਤਾ ਗਿਆ।
ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ
ਦੱਸਣਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।