ਕੈਬਨਿਟ ਮੰਤਰੀ ਜਿੰਪਾ ਨੇ 27 ਫਾਰਮਾਸਿਸਟ ਤੇ 28 ਕਲੀਨਿਕ ਅਸਿਸਟੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ
ਹੁਸ਼ਿਆਰਪੁਰ, 23 ਫਰਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਹ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਚ ਜ਼ਿਲ੍ਹੇ ਵਿਚ ਨਵ-ਨਿਯੁਕਤ ਕੀਤੇ ਗਏ 27 ਫਾਰਮਾਸਿਸਟ ਅਤੇ 28 ਨੂੰ ਕਲੀਨਿਕ ਅਸਿਸਟੈਂਟ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਚ ਸੇਵਾਵਾਂ ਨਿਭਾਉਣਗੇ। ਇਸ ਮੌਕੇ ’ਤੇ ਉਨ੍ਹਾਂ ਨਾਲ ਸਿਵਲ ਸਰਜਨ ਬਲਵਿੰਦਰ ਕੁਮਾਰ, ਐਸ.ਐਮ.ਓ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ ਜਿਥੇ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਡਾਕਟਰਾਂ ਅਤੇ ਹੋਰ ਸਟਾਫ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਉਚ ਦਰਜੇ ਦੀਆਂ ਸਿਹਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਇਸ ਦਿਸ਼ਾ ਵਿਚ ਸਿਹਤ ਵਿਭਾਗ ਬੜੀ ਹੀ ਮਿਹਨਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨਵ-ਨਿਯਕੁਤ ਸਟਾਫ ਨੂੰ ਪੂਰੀ ਸੇਵਾ ਭਾਵਨਾ ਨਾਲ ਮਰੀਜ਼ਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੀਆਂ ਸਿਹਤ ਸੁਵਿਧਾਵਾਂ ਨੂੰ ਬਿਹਤਰ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ, ਉਪ ਮੰਡਲ ਹਸਪਤਾਲਾਂ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿਚ ਸਟਾਫ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ।