ਡਿਪਟੀ ਸਪੀਕਰ ਰੌੜੀ ਨੇ 11.79 ਕਰੋੜ ਦੀ ਲਾਗਤ ਨਾਲ ਮਾਹਿਲਪੁਰ ’ਚ ਪਾਣੀ ਅਤੇ ਸੀਵਰੇਜ਼ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 29 ਫਰਵਰੀ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਦੀ ਹਰ ਮੰਗ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਹ ਅੱਜ ਮਾਹਿਲਪੁਰ ਵਿਖੇ 11.79 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਅਤੇ ਸੀਵਰੇਜ਼ ਪਾਉਣ ਸਬੰਧੀ ਕਾਰਜ਼ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਕੰਮਾਂ ਵਿਚ 4.54 ਕਰੋੜ ਰੁਪਏ ਦੀ ਲਾਗਤ ਨਾਲ ਮੇਨ ਸੀਵਰੇਜ਼ ਅਤੇ ਪੰਪਿੰਗ ਸਟੇਸ਼ਨ, 5.90 ਕਰੋੜ ਰੁਪਏ ਦੀ ਲਾਗਤ ਨਾਲ 3 ਐਮ.ਐਲ.ਡੀ ਦਾ ਸੀਵਰੇਜ਼ ਟ੍ਰੀਟਮੈਂਟ ਪਲਾਟ ਅਤੇ 1.39 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਦੋ ਟਿਊਬਵੈਲ ਲਗਾਉਣ ਦਾ ਕੰਮ ਚੱਲ ਰਿਹਾ ਹੈ, ਜਿਸ ਉਪਰੰਤ ਲੋਕਾਂ ਦੀ ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ, ਜੋ ਕਿ ਇਲਾਕੇ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ। ਇਸ ਦੌਰਾਨ ਉਨ੍ਹਾਂ ਨੇ ਲੰਗੇਰੀ ਰੋਡ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਵਰਤਮਾਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੈ ਜੋ ਕਿ ਹਮੇਸ਼ਾ ਲੋਕਾਂ ਵਿਚ ਰਹਿ ਕੇ ਕੰਮ ਕਰਦੀ ਹੈ ਅਤੇ ਲੋਕਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ। ਉੁਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਸੜਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਜੋ ਕਿ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਜਨਤਾ ਦੀ ਸੁਵਿਧਾ ਲਈ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ ਅਤੇ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਹੋਰ ਵਿਸ਼ਵਾਸ ਵਧਿਆ ਹੈ।
ਇਸ ਮੌਕੇ ਡਿਪਟੀ ਸਪੀਕਰ ਦੇ ਓ.ਐਸ.ਡੀ ਚਰਨਜੀਤ ਸਿੰਘ ਚੰਨੀ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਐਕਸੀਅਨ ਅਰਵਿੰਦ ਮਹਿਤਾ, ਕਾਰਜਕਾਰੀ ਅਧਿਕਾਰੀ ਮਾਹਿਲਪੁਰ ਰਾਜੀਵ ਸਰੀਨ, ਐਸ.ਡੀ.ਈ ਸੁਸ਼ੀਲ ਬਾਂਸਲ, ਜੇ.ਈ ਅਮਨਦੀਪ ਸਿੰਘ, ਤਰੂਣ ਅਰੋੜਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।