ਸਿਹਤ ਸੇਵਾਵਾਂ ’ਚ ਕ੍ਰਾਂਤੀਕਾਰੀ ਬਦਲਾਅ ਲਿਆਏ ਹਨ ਆਮ ਆਦਮੀ ਕਲੀਨਿਕ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 29 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਵਿਚ ਇਕ ਕ੍ਰਾਂਤੀਕਾਰੀ ਬਦਲਾਅ ਹੈ। ਉਹ ਪਿੰਡ ਖੜ੍ਹਕਾਂ ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੋਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਪਹਿਲ ਦੇ ਆਧਾਰ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਅਤੇ ਪੁਖਤਾ ਬਣਾਉਣ ਅਤੇ ਇਨ੍ਹਾਂ ਦੇ ਕਾਇਆਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕ’ ਸੂਬੇ ਦੀਆਂ ਸਿਹਤ ਸੇਵਾਵਾਂ ਵਿਚ ਮੀਲ ਦਾ ਪੱਥਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੇ ਘਰਾਂ ਨੇੜੇ ਬੁਨਿਆਦੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਰਾਜ ਵਿਚ ਕਰੀਬ 700 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿਥੇ ਹੁਣ ਤੱਕ 1 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਇਲਾਜ ਦੇ ਨਾਲ-ਨਾਲ ਇਥੇ 80 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫ਼ਤ ਟੈਸਟਾਂ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਸਰਪੰਚ ਸੰਦੀਪ ਕੌਰ, ਪ੍ਰਦੀਪ ਸਿੰਘ, ਗੁਰਦੀਪ ਸਿੰਘ ਬਾਬਾ, ਸਾਬਕਾ ਸਰਪੰਚ ਰਣਧੀਰ ਸਿੰਘ, ਅਸ਼ੋਕ ਕੁਮਾਰ ਪਹਿਲਵਾਨ, ਤਲਵਿੰਦਰ ਬਿੰਦੀ, ਬਲਜੀਤ ਸੈਣੀ, ਪੰਚ ਰਜਿੰਦਰ ਸਿੰਘ, ਪ੍ਰੀਤਪਾਲ ਸਿੰਘ, ਦਲਜੀਤ ਸਿੰਘ, ਪ੍ਰੇਮ ਸਿੰਘ, ਕ੍ਰਿਸ਼ਨ ਕੁਮਾਰ ਧੀਰ, ਕੇਸਰ ਸਿੰਘ, ਜਸਵਿੰਦਰ ਕੌਰ, ਹਰਪਾਲ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।