ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 29 ਫਰਵਰੀ: ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਹਰੀਸ਼ ਨਈਅਰ ਨੇ ਅੱਜ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਜ਼ਿਲ੍ਹੇ ਵਿਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2024 ਵਿਚ ਵੋਟ ਪ੍ਰਤੀਸ਼ਤਤਾ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਲਈ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਰ ਪਹਿਚਾਣ ਪੱਤਰ ਬਣਾਉਣ ਲਈ ਪ੍ਰੇਰਿਤ ਕਰਨ ਦੀ ਲੋੜ ਹੈ।
ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ. ਪੈਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸਵੀਪ ਵੋਟਰ ਜਾਗਰੂਕਤਾ ਵੈਨਾਂ ਵੀ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭੇਜੀਆਂ ਜਾ ਰਹੀਆਂ ਹਨ, ਤਾਂ ਜੋ ਸਾਰੇ ਵੋਟਰਾਂ ਨੂੰ ਵੋਟਾਂ ਪਾਉਣ ਦੇ ਨਾਲ-ਨਾਲ ਈ.ਵੀ.ਐਮ ਅਤੇ ਵੀ.ਵੀ. ਪੈਟ ਸਬੰਧ ਵਿਚ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਵਿਚ ਆਰੰਭ ਸਵੀਪ ਗਤੀਵਿਧੀਆਂ ਦਾ ਹਿੱਸਾ ਹੈ , ਜੋ ਕਿ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ ਅਤੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਾਰਜਪ੍ਰਣਾਲੀ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇੇਵੇਗੀ। ਇਸ ਮੋਕੇ ਉਨ੍ਹਾਂ ਨੇ ਵੋਟਰ ਪ੍ਰਣ ਬੋਰਡ ’ਤੇ ਹਸਤਾਖਰ ਕੀਤੇ ਅਤੇ ਸਵੀਪ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ, ਮੇਘਾ ਮਹਿਤਾ ਤੋਂ ਇਲਾਵਾ ਰਾਜਨ ਮੌਂਗਾ ਤੇ ਹੋਰ ਮੌਜੂਦ ਸਨ।